
ਦੁਪਹਿਰ ਦੇ ਸਮੇਂ ਲੋਕ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ: ਡਾ. ਸੰਜੇ ਕਾਮਰਾ
- by Jasbeer Singh
- May 29, 2025

ਦੁਪਹਿਰ ਦੇ ਸਮੇਂ ਲੋਕ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ: ਡਾ. ਸੰਜੇ ਕਾਮਰਾ ਸਿਹਤ ਵਿਭਾਗ ਵੱਲੋਂ ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨ ਦੀ ਸਲਾਹ ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ ਜ਼ਰੂਰਤ ਪੈਣ 'ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੋਲ ਫ੍ਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ਼ ਫ੍ਰੀ ਨੰਬਰ 104 'ਤੇ ਸੰਪਰਕ ਕੀਤਾ ਜਾਵੇ ਸੰਗਰੂਰ, 29 ਮਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਤਿ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ। ਇਸ ਲਈ ਅਤਿ ਦੀ ਗਰਮੀ ਦੌਰਾਨ ਜ਼ਿਲ੍ਹਾ ਵਾਸੀ ਦੁਪਹਿਰ ਦੇ ਸਮੇਂ ਬਾਹਰ ਧੁੱਪ ਵਿੱਚ ਨਿਕਲਣ ਤੋਂ ਗੁਰੇਜ਼ ਕਰਨ । ਡਾ. ਕਾਮਰਾ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਸਲਾਹ ਅਨੁਸਾਰ ਨਵ ਜਨਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ’ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ । ਡਾ. ਕਾਮਰਾ ਨੇ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਨਾਲ ਢੱਕ ਕੇ ਰੱਖਿਆ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਂ ਵਿੱਚ ਆਰਾਮ ਕਰਨ ਜਾਂ ਸਿਰ ’ਤੇ ਗਿੱਲਾ ਤੌਲੀਆ ਜਾਂ ਕੱਪੜਾ ਜ਼ਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਨ੍ਹਾਂ ਕਿਹਾ ਕਿ ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਖਰਬੂਜਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ । ਗਰਮੀ ਦੇ ਸਿਖ਼ਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪ੍ਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਤੇ ਖਿੜਕੀਆਂ ਖੁੱਲ੍ਹੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡੋ। ਜ਼ਰੂਰਤ ਪੈਣ 'ਤੇ ਮੁਫ਼ਤ ਐਂਬੂਲੈਂਸ ਸੇਵਾ ਲਈ ਟੌਲ ਫ੍ਰੀ ਨੰਬਰ 108 ਅਤੇ ਸਿਹਤ ਸੰਬੰਧੀ ਵਧੇਰੇ ਜਾਣਕਾਰੀ ਲਈ ਟੋਲ਼ ਫ੍ਰੀ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ ।