post

Jasbeer Singh

(Chief Editor)

Punjab

ਨਸ਼ਿਆਂ ਦੇ ਮੁਕਮੰਲ ਖਾਤਮੇ ਹਿਤ ਸਰਕਾਰ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲੋਕ: ਸੰਦੀਪ ਰਿਸ਼ੀ

post-img

ਯੁੱਧ ਨਸ਼ਿਆਂ ਵਿਰੁੱਧ ਨਸ਼ਿਆਂ ਦੇ ਮੁਕਮੰਲ ਖਾਤਮੇ ਹਿਤ ਸਰਕਾਰ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਲੋਕ: ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਨਸ਼ਾ ਰੋਕਥਾਮ ਦਿਵਸ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਨਸ਼ਿਆਂ ਵਿਰੁੱਧ ਸੁਨੇਹਾ ਦਿੰਦੇ ਨਾਟਕ "ਸੁਲਘਦੀ ਧਰਤੀ" ਦੀ ਭਾਵਪੂਰਨ ਪੇਸ਼ਕਾਰੀ ਸੰਗਰੂਰ, 26 ਜੂਨ : ਕੌਮਾਂਤਰੀ ਨਸ਼ਾ ਰੋਕਥਾਮ ਦਿਵਸ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਡੀਟੋਰੀਅਮ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਕੀਤੀ ਹੋਈ ਹੈ ਤੇ ਇਹ ਲੜਾਈ ਪੂਰੀ ਤਰ੍ਹਾਂ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਲੋਕ ਇਸ ਵਿੱਚ ਪੂਰਨ ਸਾਥ ਦੇਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ। ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡਰੱਗ ਰੂਟ ਬਣਿਆ ਹੋਇਆ ਸੀ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ । ਇਸ ਮਸਲੇ 'ਤੇ ਸਾਰੇ ਸਮਾਜ ਨੂੰ ਇਕਜੁਟ ਹੋਣਾ ਚਾਹੀਦਾ ਹੈ । ਸ਼੍ਰੀ ਰਿਸ਼ੀ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਿੱਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ ਹੈ । ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਕਈ ਮਾਮਲਿਆਂ ਵਿੱਚ ਜ਼ਬਤ ਵੀ ਕੀਤਾ ਜਾ ਰਿਹਾ ਹੈ । ਕਿਸੇ ਦੇ ਘਰ ਵਿੱਚ ਸੱਥਰ ਵਿਛਾ ਕੇ ਖੁਸ਼ੀਆਂ ਮਨਾਉਣ ਵਾਲੇ ਨਸ਼ਾ ਤਸਕਰ ਪੂਰੇ ਸਮਾਜ ਦੇ ਦੁਸ਼ਮਣ ਹਨ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਬਾਕੀ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਂਦੀ ਹੈ। ਪੰਜਾਬ ਸਰਕਾਰ ਨੇ ਨਸ਼ੇ ਬਾਰੇ ਸੂਚਨਾ ਦੇਣ ਲਈ ਵਟਸਐਪ ਨੰਬਰ 97791-00200 ਵੀ ਜਾਰੀ ਕੀਤਾ ਹੋਇਆ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਇੱਥੋਂ ਦੇ ਯੋਧਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਨੇ ਸਾਨੂੰ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦਾ ਹੱਕ ਦਿਵਾਇਆ। ਜਿਸ ਤਰ੍ਹਾਂ ਆਜ਼ਾਦੀ ਸੰਘਰਸ਼ ਦੌਰਾਨ ਵਿੱਚ ਪੰਜਾਬ ਨੇ ਭਾਰਤ ਨੂੰ ਅੰਗਰੇਜ਼ਾਂ ਤੋਂ ਮੁਕਤ ਕਰਵਾਇਆ ਸੀ, ਉਸੇ ਤਰ੍ਹਾਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਕੇ ਫੇਰ ਦੇਸ਼ ਸਾਹਮਣੇ ਮਿਸਾਲ ਕਾਇਮ ਕਰੇਗਾ। ਸ਼੍ਰੀ ਰਿਸ਼ੀ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਪੁਨਰਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਤਾਂ ਕਿ ਉਹ ਵਿਅਕਤੀ ਆਪਣੇ ਪੈਰਾਂ 'ਤੇ ਖੜ੍ਹੇ ਹੋ ਕੇ ਮਾਣ ਸਤਿਕਾਰ ਵਾਲਾ ਜੀਵਨ ਬਸਰ ਕਰ ਸਕਣ। ਓ.ਪੀ.ਡੀ. ਪੱਧਰ 'ਤੇ ਨਸ਼ਾ ਛੁਡਾਊ ਸੇਵਾਵਾਂ ਲਈ ਆਊਟ ਪੇਸ਼ੈਂਟ ਓਪੀਆਇਡ ਅਸਿਸਟਡ ਟ੍ਰੀਟਮੈਂਟ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਕਈ ਜਗ੍ਹਾ ਓ. ਓ. ਏ. ਟੀ. ਕਲੀਨਿਕ ਕਾਰਜਸ਼ੀਲ ਹਨ । ਅਰਧ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਸਰਕਾਰੀ ਮੁੜ ਵਸੇਬਾ ਕੇਂਦਰ ਵੀ ਚੱਲ ਰਿਹਾ ਹੈ। ਨਸ਼ਾ ਛੁਡਾਉਣ ਲਈ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ । ਇਸ ਮੌਕੇ ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਇਕਜੁਟ ਹੋ ਕੇ ਲੜਾਈ ਲੜੀ ਜਾਵੇ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾ ਦਿੱਤਾ ਜਾਵੇ। ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਹਰ ਹਾਲ ਜੜ੍ਹੋਂ ਪੁੱਟ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਾਈ ਗਈ । ਇਸ ਮੌਕੇ ਉਡਾਨ ਆਰਟਸ ਵੱਲੋਂ ਗੁਰਪਿਆਰ ਸਿੰਘ ਦੇ ਨਿਰਦੇਸ਼ਨ ਤੇ ਅਦਾਕਾਰੀ ਵਾਲੇ ਨਸ਼ਿਆਂ ਵਿਰੁੱਧ ਸੁਨੇਹਾ ਦਿੰਦੇ ਨਾਟਕ "ਸੁਲਘਦੀ ਧਰਤੀ" ਦੀ ਭਾਵਪੂਰਨ ਪੇਸ਼ਕਾਰੀ ਕੀਤੀ ਗਈ, ਜਿਸ ਤਹਿਤ ਨਸ਼ਿਆਂ ਦੇ ਖਾਤਮੇ ਤੇ ਧੀਆਂ ਨੂੰ ਕੁੱਖ ਵਿੱਚ ਕਤਲ ਕਰਨ ਵਿਰੁੱਧ ਸੁਨੇਹਾ ਦਿੱਤਾ ਗਿਆ । ਇਸ ਮੌਕੇ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਸ੍ਰੀਮਤੀ ਜਸਵੀਰ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਨੌਜਵਾਨ ਤੇ ਸ਼ਹਿਰ ਵਾਸੀ ਹਾਜ਼ਰ ਸਨ ।

Related Post