

ਪੁਲਸ ਵੱਲੋਂ ਧੂਰੀ ਦੀ ਬਾਜ਼ੀਗਰ ਬਸਤੀ ਵਿਖੇ ਕੌਰਡਨ ਐਂਡ ਸਰਚ ਅਪਰੇਸ਼ਨ 1 ਭਗੌੜਾ ਕਾਬੂ; 07 ਮੋਬਾਈਲ ਫੋਨ ਤੇ 04 ਵਾਹਨ ਜ਼ਬਤ ਧੂਰੀ, 18 ਅਗਸਤ 2025 : ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲੀਸ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਨਸ਼ਾ ਤਸਕਰ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। ਇਸ ਲਈ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਇਹ ਗੱਲ ਐੱਸ.ਪੀ. (ਡੀ) ਸ਼੍ਰੀ ਦਵਿੰਦਰ ਅੱਤਰੀ ਨੇ ਜ਼ਿਲ੍ਹਾ ਪੁਲੀਸ ਵੱਲੋਂ ਧੂਰੀ ਦੀ ਬਾਜ਼ੀਗਰ ਬਸਤੀ ਵਿਖੇ ਚਲਾਏ ਕੌਰਡਨ ਐਂਡ ਸਰਚ ਅਪਰੇਸ਼ਨ (ਕਾਸੋ) ਤਹਿਤ ਕੀਤੀ ਕਰਵਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਆਖੀ । ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਇਸ ਅਪਰੇਸ਼ਨ ਤਹਿਤ ਪੁਲਸ ਥਾਣਾ ਸਦਰ, ਨਾਭਾ ਨਾਲ ਸਬੰਧਤ 01 ਭਗੌੜਾ ਕਾਬੂ ਕੀਤਾ ਗਿਆ ਅਤੇ 07 ਮੋਬਾਈਲ ਫੋਨ ਤੇ 04 ਵਾਹਨ ਵੀ ਜ਼ਬਤ ਕੀਤੇ ਗਏ । ਐੱਸ.ਪੀ. ਸ਼੍ਰੀ ਅੱਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਕਈ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ । ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਪੁਲੀਸ ਨੂੰ ਜ਼ਰੂਰ ਦਿੱਤੀ ਜਾਵੇ। ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ । ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ, ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਐੱਸ. ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ. ਐੱਸ. ਪੀ. ਦਮਨਬੀਰ ਸਿੰਘ, ਡੀ. ਐੱਸ.ਪੀ. ਰਣਬੀਰ ਸਿੰਘ ਸਮੇਤ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤੇ ਅਧਿਕਾਰੀ ਹਾਜ਼ਰ ਸਨ ।