July 6, 2024 01:53:21
post

Jasbeer Singh

(Chief Editor)

Punjab, Haryana & Himachal

ਮੁੱਖ ਮੰਤਰੀ ਭਗਵੰਤ ਮਾਨ ਬਜਟ 2024-25 ਸੂਬੇ ਦੇ ਵਿਆਪਕ ਵਿਕਾਸ ਲਈ ਅਹਿਮ ਕਦਮ : ਬਲਤੇਜ ਪੰਨੂੰ

post-img

ਪਟਿਆਲਾ, 6 ਮਾਰਚ (ਜਸਬੀਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖਜਾਨਾ ਮੰਤਰੀ ਹਰਪਾਲ ਚੀਮਾ ਵਲੋਂ ਪੇਸ਼ ਕੀਤਾ ਗਿਆ 2024-25 ਦਾ ਬਜਟ ਬੇਹੱਦ ਸ਼ਲਾਘਾਯੋਗ ਹੈ। ਇਹ ਬਜਟ ਸੂਬੇ ਦੇ ਸਮੁੱਚੇ, ਬਰਾਬਰ ਅਤੇ ਵਿਆਪਕ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ। ਬਲਤੇਜ ਪੰਨੂੰ ਨੇ ਕਿਹਾ ਕਿ ‘ਜੀਰੋ ਟੈਕਸ’ ਬਜਟ ਵਿਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਬਜਟ ਤੋਂ ਬਾਅਦ ਉਨ੍ਹਾਂ ਜ਼ਿਲਾ ਪਟਿਆਲਾ ਦੇ ਆਮ ਆਦਮੀ ਪਾਰਟੀ ਦੇ ਸਮੁੱਚੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਪਾਰਟੀ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਇਸ ਲੋਕ ਪੱਖੀ ਬਜਟ ਅਤੇ ਸਰਕਾਰ ਦੇ ਲੋਕ ਪੱਖੀ ਕਾਰਜਾਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਜ਼ਿਲਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂਵਾਲਾ, ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੀਤੀ ਮਲਹੋਤਰਾ, ਸੀਨੀਅਰ ਆਗੂ ਹਰਪਾਲ ਜੁਨੇਜਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਅੰਗਰੇਜ ਸਿੰਘ ਰਾਮਗੜ੍ਹ ਤੋਂ ਇਲਾਵਾ ਹੋਰ ਕਈ ਆਗੂ ਹਾਜ਼ਰ ਸਨ। ਇਸ ਮੌਕੇ ਬਲਤੇਜ ਪੰਨੂੰ ਨੇ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 2012-17 ਦੌਰਾਨ 8 ਫੀਸਦੀ ਤੇ 2017-22 ਦੌਰਾਨ 6 ਫੀਸਦੀ ਦੀ ਮਿਸਰਤ ਸਾਲਾਨਾ ਵਿਕਾਸ ਦਰ ਦੇ ਮੁਕਾਬਲੇ ਟੈਕਸ ਮਾਲੀਆ 13 ਫੀਸਦੀ ਰਿਹਾ, ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਵਿਚਾਰਾਂ ਦੀ ਸਪੱਸ਼ਟਤਾ ਅਤੇ ਉਨ੍ਹਾਂ ਵਿਚਾਰਾਂ ਨੂੰ ਅਮਲ ਵਿਚ ਲਿਆਉਣ ਪ੍ਰਤੀ ਦ੍ਰਿੜਤਾ ’ਤੇ ਹੀ ਕੰਮ ਨੇਪਰੇ ਚੜ੍ਹਨਾ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਇਸ ਮੰਤਵ ਲਈ ਸਰਕਾਰ ਵਲੋਂ ਮੁੱਖ ਖੇਤਰਾਂ ਜਿਵੇਂ ਬਿਹਤਰ ਸਾਸ਼ਨ, ਸਿੱਖਿਆ ਤੇ ਸਿਹਤ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਬਲਤੇਜ ਪੰਨੂੰ ਨੇ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਵਿੱਤੀ ਸਾਲ 2024-25 ਵਿਚ 16,987 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜੋ ਕਿ ਕੁੱਲ ਖਰਚੇ ਦਾ ਲਗਭਗ 11.5 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 100 ਕਰੋੜ ਰੁਪਏ ਸਕੂਲ ਆਫ ਐਮੀਨੈਂਸ ਲਈ ਰੱਖੇ ਗਏ ਹਨ ਜਦਕਿ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਸਕੂਲ ਆਫ ਬ੍ਰਿਲੀਅਨਜ ਅਤੇ ਸਕਿੱਲ ਐਜੂਕੇਸ਼ਨ ਪ੍ਰਦਾਨ ਕਰਨ ਲਈ ‘ਸਕੂਲ ਆਫ ਅਪਲਾਈਡ ਲਰਨਿੰਗ’ ਅਤੇ ਵਿਦਿਆਰਥੀਆਂ ਦੀ ਸਮੁੱਚੇ ਵਿਕਾਸ ਲਈ ਸਕੂਲ ਆਫ ਹੈਪੀਨੈੱਸ ਵਾਸਤੇ 10-10 ਕਰੋੜ ਰੁਪਏ ਦੀ ਤਜਵੀਜ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਬਲਤੇਜ ਪੰਨੂੰ ਨੇ ਕਿਹਾ ਕਿ ਆਰਥਿਕ ਸੂਝਬੂਝ ਨਾਲ ਤਿਆਰ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ, ਸਰੋਤ ਜੁਟਾ ਕੇ ਮਾਲੀਆ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸਹਾਲੀ ਦੀਆਂ ਸਿਖਰਾਂ ਛੂਹੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖਾਕੇ ਵਜੋਂ ਕੰਮ ਕਰੇਗਾ। ਪੰਨੂੰ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਨੇੜਲੇ ਭਵਿੱਖ ਵਿੱਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਅਤੇ ਪ੍ਰਗਤੀ ਦੇ ਨਵੇਂ ਦਿਸਹੱਦੇ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ ਅਤੇ ਇਸ ਦਾ ਉਦੇਸ ਸਮਾਜ ਦੇ ਸਭ ਤੋਂ ਕਮਜੋਰ ਅਤੇ ਗਰੀਬ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨਾ ਹੈ।

Related Post