July 6, 2024 01:54:02
post

Jasbeer Singh

(Chief Editor)

Patiala News

ਮੁੱਖ ਮੰਤਰੀ ਦੀ ਪਟਿਆਲਾ ਆਮਦ ਸਮੇਂ ਕੱਚੇ ਅਧਿਆਪਕਾਂ ਨੇ ਪੁਤਲਾ ਫੂਕ ਕੇ ਮੁੱਖ ਮੰਤਰੀ ਖਿਲਾਫ ਜਤਾਇਆ ਰੋਸ

post-img

ਪਟਿਆਲਾ, 11 ਮਾਰਚ (ਜਸਬੀਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਫੇਰੀ ’ਤੇ ਵਪਾਰ ਮਿਲਣੀ ’ਤੇ ਆਏ ਹੋਏ ਸਨ, ਜਿਥੇ ਸਰਵ ਸਿੱਖਿਆ ਅਭਿਆਨ, ਦਫਤਰੀ, ਮਿੱਡ ਮੀਲ ਕਰਮਚਾਰੀ ਯੂਨੀਅਨ ਦੇ ਕੱਚੇ ਕਾਮਿਆਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ਜਿਥੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨਾ ਸਰਕਾਰ ਦਾ ਆਪਣੇ ਵਾਅਦੇ ਤੋਂ ਭੱਜਣਾ ਹੈ, ਜਿਸ ਨੂੰ ਸਮੁੱਚੇ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਾਅਦੇ ਤੋਂ ਭੱਜਣ ਖਿਲਾਫ 13 ਮਾਰਚ ਨੂੰ ਸਮੁੱਚੇ ਮੁਲਾਜ਼ਮ ਪਰਵਾਰਾਂ ਸਮੇਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੇ ਮੁਲਾਜ਼ਮ ਨਾਮਾਤਰ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਜਿਨ੍ਹਾਂ ਵੱਲੋਂ ਐਨੀਆਂ ਲੰਮੀਆਂ ਸੇਵਾਵਾਂ ਦੇਣ ਦੇ ਬਾਵਜੂਦ ਵੀ ਨਾ ਹੀ ਰੈਗੂਲਰ ਕੀਤਾ ਗਿਆ ਅਤੇ ਨਾ ਹੀ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ। ਜਿਸ ਨਾਲ ਘਰਾਂ ਦੇ ਗੁਜ਼ਾਰੇ ਕਰਨੇ ਵੀ ਮੁਸ਼ਕਲ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਮੁਲਾਜ਼ਮ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਤੋਂ ਬੇਹੱਦ ਖਫਾ ਹਨ। ਜਦੋਂ ਕਿ ਕੈਬਿਨਟ ਸਬ ਕਮੇਟੀ ਵੱਲੋਂ 22 ਨਵੰਬਰ 2023 ਅਤੇ 31 ਜਨਵਰੀ 2024 ਨੂੰ ਫੈਸਲਾ ਲੈਣ ਲਈ ਅਧਿਕਾਰੀਆਂ ਦੀ ਕਮੇਟੀ ਵੱਲੋਂ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਲਿਹਾਜ਼ਾ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਹੈ ਅਤੇ ਉਸ ਦੇ ਤਿੰਨ ਮੰਤਰੀਆਂ ਦੀ ਬਣੀ ਸਬ-ਕੈਬਨਿਟ ਦੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਕਰਨ ਦੇ ਆਰਡਰ ਮਿਲੇ ਤੇ ਨਾ ਹੀ ਕਰਮਚਾਰੀਆਂ ਦੀ ਤਨਖਾਹ ਬੰਦ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਸਮੇਂ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਆਪ ਵੀ ਪਿਛਲੀਆਂ ਸਰਕਾਰਾਂ ਦੇ ਨਕਸ਼ੇ ਕਦਮ ’ਤੇ ਹੀ ਚੱਲ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਜਲਦ ਸਮੁੱਚੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Related Post