
ਸੁਖਵਿੰਦਰਪਾਲ ਸਿੰਘ ਮਿੰਟਾ ਫਿਰ ਬਣੇ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ
- by Jasbeer Singh
- April 5, 2024

ਪਟਿਆਲਾ, 5 ਅਪ੍ਰੈਲ (ਜਸਬੀਰ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕੇ ’ਚ ਵਿਸ਼ੇਸ਼ ਪਕੜ ਰੱਖਣ ਵਾਲੇ ਸੁਖਵਿੰਦਰਪਾਲ ਸਿੰਘ ਮਿੰਟਾ ਨੂੰ ਪਾਰਟੀ ਨੇ ਮੁੜ ਤੋਂ ਰਾਜਸੀ ਮਾਮਲਿਆਂ ਵਰਗੀ ਅਹਿਮ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਆਪਣੀ ਨਿਯੁਕਤੀ ਤੋਂ ਬਾਅਦ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਕੰਮਾਂ ਦੀ ਕਦਰ ਪਾਉਂਦਿਆਂ ਉਨ੍ਹਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਹੈ ਤੇ ਹੁਣ ਫਿਰ ਤੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿਚ ਜੁਟ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਪੰਜਾਬ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋ ਕੇ ਪੰਜਾਬ ਨੂੰ ਬਚਾਉਣ ਲਈ ਪੰਜਾਬ ਬਚਾਓ ਯਾਤਰਾ ਦੇ ਰੂਪ ’ਚ ਸੜਕਾਂ ’ਤੇ ਨਿਕਲਿਆ ਹੈ। ਸ. ਮਿੰਟਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਸਮੁੱਚੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗਾ ਕਿਉਕਿ ਪੰਜਾਬ ਦੇ ਲੋਕ ਸਮਝ ਗਏ ਹਨ ਕਿ ਅਕਾਲੀ ਦਲ ਹੀ ਉਨ੍ਹਾਂ ਹੀ ਆਪਣੀ ਪਾਰਟੀ ਹੈ ਤੇ ਬਾਕੀ ਪਾਰਟੀਆਂ ਦਾ ਰਿਮੋਟ ਕੰਟਰੋਲ ਦਿੱਲੀ ਵਿਖੇ ਬੈਠੀਆਂ ਪਾਰਟੀਆਂ ਦੇ ਹੱਥਾਂ ਵਿਚ ਹੈ।