

ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਜੂਨ ’84 ਦੀ 40ਵੀਂ ਵਰ੍ਹੇਗੰਢ ਮੌਕੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਅਰਦਾਸ ਸਮਾਗਮ ਵਿੱਚ ਢਾਡੀ ਕਵੀਸ਼ਰੀ ਭਾਈ ਗੁਰਪਿਆਰ ਸਿੰਘ ਜੌਹਰ ਨੇ ਇਤਿਹਾਸਕ ਵਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਅਰਦਾਸ ਸਮਾਗਮ ਵਿੱਚ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸੰਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਤੇ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਵੀ ਪੁੱਜੇ ਹੋਏ ਸਨ। ਅਰਦਾਸ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਦੌਰਾਨ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਕੇ ਸਿੱਖ ਕੌਮ ਨੂੰ ਅਜਿਹਾ ਜ਼ਖ਼ਮ ਅਤੇ ਦਰਦ ਦਿੱਤਾ ਗਿਆ, ਜੋ ਅੱਜ ਵੀ ਨਾਸੂਰ ਬਣਿਆ, ਜਿਸ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਫ਼ਸੋਸ ਹੈ ਕਿ ਸਿੱਖਾਂ ਦੇ ਮੁਕੱਦਸ ਅਸਥਾਨ ਨੂੰ ਢਹਿ ਢੇਰੀ ਕਰਨ ਵਾਲੀ ਸਰਕਾਰ ਸਮੇਤ ਸਮੇਂ-ਸਮੇਂ ਦੀਆਂ ਕੇਂਦਰ ਵਿੱਚ ਰਹਿਣ ਵਾਲੀਆਂ ਸਰਕਾਰਾਂ ਨੇ ਇਸ ਘਟਨਾ ਦੀ ਕਦੇ ਵੀ ਮੁਆਫ਼ੀ ਨਾ ਮੰਗੀ ਗਈ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਅਧਿਕਾਰੀ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਆਦਿ ਹਾਜ਼ਰ ਸਨ।