post

Jasbeer Singh

(Chief Editor)

ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਪ੍ਰਚਾਰ ’ਤੇ ਰੋਕ

post-img

ਦਰਬਾਰ ਸਾਹਿਬ ਸਮੂਹ ’ਚ ਫਿਲਮਾਂ ਦੇ ਪ੍ਰਚਾਰ ’ਤੇ ਰੋਕ ਅੰਮ੍ਰਿਤਸਰ, 9 ਜੁਲਾਈ : ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਰਿਆਦਾ ਦੀ ਹੋ ਰਹੀ ਉਲੰਘਣਾ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਫ਼ੈਸਲਾ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਵਡੋਦਰਾ ਵਾਸੀ ਅਰਚਨਾ ਮਕਵਾਨਾ ਨੇ ਇੱਥੇ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਜਿਸ ਦਾ ਵਿਵਾਦ ਅਜੇ ਚੱਲ ਹੀ ਰਿਹਾ ਸੀ ਕਿ ਅਗਲੇ ਦਿਨ ਦਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੇ ਪ੍ਰਚਾਰ ਲਈ ਇੱਥੇ ਮੱਥਾ ਟੇਕਿਆ। ਦਲਜੀਤ ਦੋਸਾਂਝ ਨੇ ਸਵੇਰੇ ਪ੍ਰਕਾਸ਼ ਵੇਲੇ ਪਾਲਕੀ ਸਾਹਿਬ ਨੂੰ ਮੋਢਾ ਦੇਣ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਵੀਡੀਓ ਸਾਂਝੀ ਕੀਤੀ, ਜਿਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਸਖਤ ਨੋਟਿਸ ਲਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਲੈਂਦਿਆਂ ਫਿਲਮਾਂ ਦੇ ਪ੍ਰਚਾਰ ਅਤੇ ਪ੍ਰਮੋਸ਼ਨ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਵੀਡੀਓਗ੍ਰਾਫੀ ਕਰਨ ’ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ। ਇਸ ਰੋਕ ਤਹਿਤ ਆਮ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਕੁਝ ਛੋਟ ਦਿੱਤੀ ਗਈ ਹੈ, ਜਿਸ ਤਹਿਤ ਉਹ ਯਾਦਗਾਰ ਵਜੋਂ ਪਰਿਕਰਮਾ ਵਿੱਚ ਆਪਣੀ ਤਸਵੀਰ ਅਤੇ ਸੈਲਫੀ ਲੈ ਸਕਦੇ ਹਨ ਪਰ ਚਲਦੇ ਹੋਏ ਵੀਡੀਓਗ੍ਰਾਫੀ ਕਰਨ ਤੋਂ ਗੁਰੇਜ਼ ਕਰਨਾ ਹੋਵੇਗਾ। ਇਸ ਸਬੰਧੀ ਮਰਿਆਦਾ ਦੇ ਪਾਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਥੇ ਪਰਿਕਰਮਾ ਵਿੱਚ ਵਾਧੂ ਟਾਸਕ ਫੋਰਸ ਲਗਾਉਣ ਅਤੇ ਸੇਵਾਦਾਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਫ਼ੌਰੀ ਤੌਰ ’ਤੇ ਲਾਗੂ ਕੀਤਾ ਗਿਆ ਹੈ। ਪਰਿਕਰਮਾ ਵਾਸਤੇ ਵਾਧੂ ਸਟਾਫ ਭਰਤੀ ਕੀਤਾ ਜਾ ਰਿਹਾ ਹੈ, ਜੋ ਇਸੇ ਹਫ਼ਤੇ ਆਪਣੀ ਡਿਊਟੀ ’ਤੇ ਪੁੱਜ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਿਕਰਮਾ ਵਿੱਚ ਡਿਊਟੀ ਦੇਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਵਰਕਸ਼ਾਪ ਲਾ ਕੇ ਸਿੱਖਿਅਤ ਕੀਤਾ ਜਾਵੇਗਾ ਕਿ ਕਿਵੇਂ ਧਾਰਮਿਕ ਸਥਾਨ ਦੀ ਮਰਿਆਦਾ ਦੀ ਪਾਲਣਾ ਕਰਨੀ ਹੈ ਅਤੇ ਸੈਲਾਨੀਆਂ ਨਾਲ ਨਿਮਰਤਾ ਨਾਲ ਪੇਸ਼ ਆਉਣਾ ਹੈ।

Related Post