ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ
- by Jasbeer Singh
- December 28, 2025
ਪੰਜਾਬ `ਚ ਨਸ਼ਾ ਸਮੱਗਲਰਾਂ ਦੀਆਂ 2730 ਕਰੋੜ ਦੀਆਂ ਜਾਇਦਾਦਾਂ ਜ਼ਬਤ : ਮਾਨ ਚੰਡੀਗੜ੍ਹ, 28 ਦਸੰਬਰ 2025 : ਪੰਜਾਬ ਵਿਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁੰਨ ਜਿੱਤ ਵੱਲ ਵਧ ਰਿਹਾ ਹੈ।ਪੰਜਾਬ ਵਿਚ ਨਸ਼ਾ ਸਮੱਗਲਰਾਂ ਦੀਆਂ ਗੈਰ-ਕਾਨੂੰਨੀ ਤੌਰ `ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਾਲ 2022 ਅਤੇ 2025 ਦੌਰਾਨ 2,730 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਸਾਢੇ ਤਿੰਨ ਸਾਲਾਂ ਵਿਚ ਕੀਤਾ ਗਿਆ ਹੈ 85 ਹਜ਼ਾਰ 418 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ 85,418 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਐੱਨ. ਡੀ. ਪੀ. ਐੱਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਤਹਿਤ ਸਜ਼ਾ ਦਰ 88 ਫੀਸਦੀ ਰਹੀ ਹੈ ਅਤੇ 1 ਜਨਵਰੀ 2025 ਤੋਂ ਹੁਣ ਤੱਕ 916 ਗੈਂਗਸਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਅੱਜ ਇੱਥੇ ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਨਸ਼ਾ ਸਮੱਗਲਰਾਂ ਖ਼ਿਲਾਫ਼ 63,053 ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਵਿਚ ਸ਼ੁਰੂ ਕੀਤੀ `ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਸ ਨੇ 30,144 ਐੱਫ. ਆਈ. ਆਰਜ਼ ਦਰਜ ਕੀਤੀਆਂ ਅਤੇ 40,302 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ।
