
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦ
- by Jasbeer Singh
- November 13, 2024

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ । ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ। ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ ।