ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ ਰਾਹਤ ਸਮੱਗਰੀ
- by Jasbeer Singh
- September 6, 2025
ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ ਰਾਹਤ ਸਮੱਗਰੀ ਚੰਡੀਗੜ੍ਹ, 6 ਸਤੰਬਰ 2025 : ਪੰਜਾਬ ਵਿਚ ਆਏ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਕਰਕੇ ਔਖੀ ਘੜੀ ਟਪਾ ਰਹੇ ਵਿਅਕਤੀਆਂ ਨੂੰ ਰਾਸ਼ਨ ਸਮੱਗਰੀ ਪਹੁੰਚਾਉਣ ਲਈ ਪੰਜਾਬ ਕਾਂਗਰਸ ਵਲੋਂ ਵੀ ਅੱਜ ਰਾਹਤ ਸਮੱਗਰੀ ਨਾਲ ਭਰੇ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਦੱਸਣਯੋਗ ਹੈ ਕਿ ਉਕਤ ਹਰੀ ਝੰਡੀ ਅੰਮ੍ਰਿਤਸਰ ਵਿਖੇ ਦਿੱਤੀ ਗਈ। ਕਿਸ ਕਿਸ ਨੇ ਦਿੱਤੀ ਟਰੱਕ ਨੂੰ ਹਰੀ ਝੰਡੀ ਰਾਹਤ ਸਮੱਗਰੀ ਨਾਲ ਭਰੇ ਟਰੱਕਾ ਨੂੰ ਹਰੀ ਝੰਡੀ ਦੇਣ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਜੂਦ ਸਨ। ਸਮਾਂ ਰਾਜਨੀਤੀ ਕਰਨ ਦਾ ਸਮਾਂ ਨਹੀਂ ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਨਾਲ ਅਤੇ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਹੈ : ਵੜਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸਮਾਂ ਰਾਜਨੀਤੀ ਕਰਨ ਦਾ ਸਮਾਂ ਨਹੀਂ ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਨਾਲ ਅਤੇ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਮੇਟੀ ਵੱਲੋਂ ਦੋ ਕਰੋੜ ਦਾ ਫੰਡ ਇਕੱਠਾ ਕਰਕੇ ਵੱਖ-ਵੱਖ ਇਲਾਕਿਆਂ ਦੇ ਵਿੱਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬਿਮਾਰ ਨਹੀਂ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਬਿਮਾਰ ਹੋ ਚੁੱਕੀ ਹੈ : ਚੰਨੀ ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਬਿਮਾਰ ਨਹੀਂ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਬਿਮਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਣ ਬੁੱਝ ਕੇ ਬਿਮਾਰੀ ਦਾ ਬਹਾਨਾ ਬਣਾ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਕੁੱਝ ਨਹੀਂ ਕੀਤਾ ਜਾ ਰਿਹਾ।
