
ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਬਹੁਪੱਖੀ ਸੁਧਾਰ ਨੂੰ ਯਕੀਨੀ ਬਣਾਇਆ: ਦਲਵੀਰ ਸਿੰਘ ਢਿੱਲੋਂ
- by Jasbeer Singh
- May 29, 2025

ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਬਹੁਪੱਖੀ ਸੁਧਾਰ ਨੂੰ ਯਕੀਨੀ ਬਣਾਇਆ: ਦਲਵੀਰ ਸਿੰਘ ਢਿੱਲੋਂ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਵੱਲੋਂ ਸਰਕਾਰੀ ਹਾਈ ਸਕੂਲ, ਬੱਲਮਗੜ੍ਹ ਵਿਖੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਅਰਪਿਤ ਧੂਰੀ, 29 ਮਈ : ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਦਰਪੇਸ਼ ਹਰ ਇੱਕ ਸਮੱਸਿਆ ਦੇ ਸਥਾਈ ਹੱਲ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ, ਆਪਣੇ ਟੀਚੇ ਨੂੰ ਸਾਕਾਰ ਕਰਨ ਵਿੱਚ ਕਾਮਯਾਬ ਹੋਈ ਹੈ ਤੇ ਇਸ ਨੇ ਸਰਕਾਰੀ ਸਕੂਲਾਂ ਦੇ ਬਹੁਪੱਖੀ ਸੁਧਾਰ ਨੂੰ ਯਕੀਨੀ ਬਣਾਇਆ ਹੈ । ਸ. ਢਿੱਲੋਂ ਸਰਕਾਰੀ ਹਾਈ ਸਕੂਲ, ਬੱਲਮਗੜ੍ਹ ਵਿਖੇ ਕਰੀਬ 01 ਲੱਖ 96 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ ਵਿਦਿਆਰਥੀਆਂ ਨੂੰ ਅਰਪਿਤ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ, ਇੱਕ ਸ਼ਾਨਦਾਰ ਉਪਰਾਲਾ ਸਾਬਿਤ ਹੋ ਰਿਹਾ ਹੈ, ਜਿਸ ਵਿੱਚ ਸਰਕਾਰ ਦੇ ਨੁਮਾਇੰਦੇ ਸਿੱਧੇ ਤੌਰ 'ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਉਹਨਾਂ ਦੀਆਂ ਸਕੂਲਾਂ ਨਾਲ ਸਬੰਧਿਤ, ਜ਼ਰੂਰਤਾਂ ਬਾਰੇ ਜ਼ਮੀਨੀ ਪੱਧਰ 'ਤੇ ਜਾਣਕਾਰੀ ਹਾਸਲ ਕਰ ਰਹੇ ਹਨ । ਸ. ਢਿੱਲੋਂ ਨੇ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸਰਕਾਰੀ ਸਕੂਲਾਂ ਵਿੱਚ ਜਿੱਥੇ ਬੁਨਿਆਦੀ ਢਾਂਚੇ ਦੀ ਵੱਡੀ ਕਮੀ ਪੇਸ਼ ਆਉਂਦੀ ਰਹੀ, ਉਥੇ ਹੀ ਬੱਚਿਆਂ ਤੇ ਅਧਿਆਪਕਾਂ ਦੀ ਜ਼ਰੂਰਤ ਨੂੰ ਪੂਰਾ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਵਿਦਿਅਕ ਪ੍ਰਾਪਤੀਆਂ ਉੱਤੇ ਮਾੜਾ ਅਸਰ ਪਿਆ । ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਵਾ ਤਿੰਨ ਸਾਲਾਂ ਤੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਸੁਧਾਰਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਹਨਾਂ ਕਿਹਾ,"ਅਸੀਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਹਾਂ ਅਤੇ ਸਾਨੂੰ ਪੂਰਨ ਉਮੀਦ ਹੈ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਦੇ ਹਰ ਖੇਤਰ ਵਿੱਚ ਆਪਣੀ ਮਿਹਨਤ ਤੇ ਦ੍ਰਿੜ੍ਹਤਾ ਨਾਲ ਆਪਣਾ ਨਾਮ ਚਮਕਾਉਣਗੇ । ਇਸ ਮੌਕੇ ਉਹਨਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਅਧਿਆਪਕ, ਮਾਪੇ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.