
ਪੰਜਾਬ ਸਰਕਾਰ ਨੇ ਆਰੰਭੀ ਪੰਜਾਬ ਦੇ ਹੀ ਦੋ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਖਿਲਾਫ਼ ਜਾਂਚ
- by Jasbeer Singh
- February 4, 2025

ਪੰਜਾਬ ਸਰਕਾਰ ਨੇ ਆਰੰਭੀ ਪੰਜਾਬ ਦੇ ਹੀ ਦੋ ਸੀਨੀਅਰ ਆਈ. ਏ. ਐਸ. ਅਧਿਕਾਰੀਆਂ ਖਿਲਾਫ਼ ਜਾਂਚ ਚੰਡੀਗੜ੍ਹ : ਪੰਜਾਬ ਸਰਾਰ ਨੇ ਪੰਜਾਬ ਦੇ ਹੀ ਦੋ ਸੀਨੀਅਰ ਇੰਡੀਅਨ ਐਡਮਿਨਿਸਟ੍ਰੇਟਿਵ ਸਰਵਿਸ (ਆਈ. ਏ. ਐਸ.) ਅਫ਼ਸਰਾਂ ਖ਼ਿਲਾਫ਼ ਜਾਂਚ ਆਰੰਭ ਕਰ ਦਿੱਤੀ ਹੈ, ਜਿਨ੍ਹਾਂ ਦੋ ਆਈ. ਏ. ਐਸ. ਅਧਿਕਾਰੀਆਂ ਵਿਰੁੱਧ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੇ ਜਾਂਚ ਸ਼ੁਰੂ ਕੀਤੀ ਹੈ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਸ਼ਾਮਲ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਦੋਵੇਂ ਅਫ਼ਸਰਾਂ ਤੇ ਦੋਸ਼ ਹੈ ਕਿ ਇਨ੍ਹਾਂ ਵੱਲੋਂ ਨਿਊ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਬਿਲਡਰ ਨੂੰ ਬਲਾਕ ਮਾਜਰੀ ਦੇ ਇੱਕ ਪਿੰਡ ਦੇ ਸਾਂਝੇ ਰਸਤੇ ਦੀ ਰਜਿਸਟਰੀ ਕਰਾਏ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਸੀ । ਪਿੰਡ ਦੇ ਕਿਸੇ ਵੀ ਸਾਂਝੇ ਰਸਤੇ ਨੂੰ ਓਨਾ ਸਮਾਂ ਕਾਨੂੰਨੀ ਤੌਰ ’ਤੇ ਵੇਚਿਆ ਨਹੀਂ ਜਾ ਸਕਦਾ ਹੈ ਜਿੰਨਾਂ ਸਮਾਂ ਡਾਇਰੈਕਟਰ (ਕੰਸੋਲੀਡੇਸ਼ਨ) ਅਤੇ ਡਾਇਰੈਕਟਰ (ਲੈਂਡ ਰਿਕਾਰਡ) ਵੱਲੋਂ ਉਸ ਰਸਤੇ ਨੂੰ ‘ਛੱਡਿਆ ਹੋਇਆ’ ਨਹੀਂ ਐਲਾਨਿਆ ਜਾਂਦਾ । ਪੰਚਾਇਤ ਵਿਭਾਗ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੇ ਇਸ ਸਾਂਝੇ ਰਸਤੇ ਨੂੰ ‘ਛੱਡਿਆ ਹੋਇਆ’ ਐਲਾਨੇ ਬਿਨਾਂ ਹੀ ਨਵੰਬਰ 2024 ’ਚ ਪ੍ਰਾਈਵੇਟ ਬਿਲਡਰ ਨੂੰ ਵੇਚਣ ਲਈ ਮਨਜ਼ੂਰੀ ਦੇ ਦਿੱਤੀ ਸੀ । ਪਤਾ ਲੱਗਿਆ ਹੈ ਕਿ ਇਸ ਮਾਮਲੇ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਹਵਾਲੇ ਵੀ ਕੀਤਾ ਜਾਵੇਗਾ ।