post

Jasbeer Singh

(Chief Editor)

Punjab

ਪੰਜਾਬ ਸਰਕਾਰ ਲਿਆ ਰਹੀ ਹੈ ਮਾਨਸਿਕ ਸਿਹਤ ਨੀਤੀ : ਸਿਹਤ ਮੰਤਰੀ

post-img

ਪੰਜਾਬ ਸਰਕਾਰ ਲਿਆ ਰਹੀ ਹੈ ਮਾਨਸਿਕ ਸਿਹਤ ਨੀਤੀ : ਸਿਹਤ ਮੰਤਰੀ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਕੈਬਨਿਟ ਤੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਛੇਤੀ ਹੀ ਮਾਨਸਿਕ ਹਿਤ ਨੀਤੀ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੋਂ ਰੋਕਣ ਅਤੇ ਅਮਰੀਕਾ ਤੋਂ ਕੱਢੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਇਆ ਜਾ ਸਕੇ । ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਨੀਤੀ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰਦਿਆਂ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ । ਉਕਤ ਨੀਤੀ ਨੂੰ ਤਿਆਰ ਕਰ ਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਲਈ ਲਿਆਂਦਾ ਜਾਵੇਗਾ । ਸਿੋਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸਿਸ਼ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ । ਸਿਹਤ ਮੰਤਰੀ ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੀਤੀ `ਤੇ ਬਹੁਤ ਬਾਰੀਕੀ ਨਾਲ ਕੰਮ ਕੀਤਾ ਜਾਵੇਗਾ, ਜਿਸ ਵਿਚ ਮੰਤਰੀ, ਸਮੁੱਚੇ ਵਿਭਾਗਾਂ ਦੇ ਸਕੱਤਰ, ਨਸ਼ਾ ਛੁਡਾਊ ਲਈ ਕੰਮ ਕਰ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ । ਉਨ੍ਹਾਂ ਦੱਸਿਆ ਕਿ ਅਜਿਹਾ ਕਰਨ ਵਾਸਤੇ ਪੀ. ਜੀ. ਆਈ. ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮਾਹਿਰਾਂ, ਪੰਜਾਬ ਦੇ ਪ੍ਰਾਈਵੇਟ ਡਾਕਟਰਾਂ, ਗ਼ੈਰ ਸਰਕਾਰੀ ਸੰਸਥਾਵਾਂ ਅਤੇ ਪੁਲਸ ਅਧਿਕਾਰੀਆਂ ਤੋਂ ਸਲਾਹ ਲਈ ਜਾਵੇਗੀ ਅਤੇ ਇਸ ਸਭ ਵਾਸਤੇ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਥੇ ਸਾਰਿਆਂ ਦੀ ਰਾਏ ਲਈ ਜਾਵੇਗੀ । ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਮਿਆਦ ਦੇ ਦੌਰਾਨ ਮਾਨਸਿਕ ਸਿਹਤ ਨਾਲ ਸਬੰਧਤ ਕਿਸਾਨਾਂ ਅਤੇ ਨੌਜਵਾਨਾਂ ਦੀ ਖ਼ੁਦਕੁਸ਼ੀ ਦੇ ਮੁੱਦੇ ਬਾਰੇ, ਕਿਉਂਕਿ ਹੁਣ ਨੌਜਵਾਨ ਬਾਹਰੋਂ ਦੇਸ਼ ਨਿਕਾਲਾ ਲੈ ਕੇ ਆ ਰਹੇ ਹਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਉਨ੍ਹਾਂ ਨੂੰ ਇਨ੍ਹਾਂ ਮੁਸ਼ਕਲ ਹਾਲਾਤਾਂ ’ਚੋਂ ਕੱਢਣ ਤੇ ਉਨ੍ਹਾਂ ਨੂੰ ਡਿਪ੍ਰੈਸ਼ਨ ਵਿਚੋਂ ਬਾਹਰ ਕੱਢਣ ਲਈ ਮਾਨਸਿਕ ਸਿਹਤ ਨੀਤੀ ਬਣਾਈ ਜਾ ਰਹੀ ਹੈ । ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਸੱਭ ਤੋਂ ਪਹਿਲਾਂ ਇਨ੍ਹਾਂ ਗੱਲਾਂ ਦੀ ਜਾਂਚ ਕੀਤੀ ਜਾਵੇਗੀ ਕਿ ਕੀ ਲੋਕਾਂ ਨੂੰ ਕਿਸ ਕਾਰਨ ਇਨ੍ਹਾਂ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਹ ਵੀ ਕਿ ਇਨ੍ਹਾਂ ਸਮੱਸਿਆਵਾਂ ਨਾਲ ਕਿਵੇਂ ਨਜਿੱਠਿਆ ਜਾ ਸਕਦਾ ਹੈ? ਇਸ ਬਾਰੇ ਚਰਚਾ ਕੀਤੀ ਜਾਵੇਗੀ । ਇਹ ਨੀਤੀ ਪਹਿਲ ਦੇ ਆਧਾਰ `ਤੇ ਤਿਆਰ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਤੋਂ ਕੱਢੇ ਜਾ ਰਹੇ ਨੌਜਵਾਨਾਂ ਨੂੰ ਮੁੜ ਤੋਂ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿਤਾ ਜਾਵੇਗਾ ।

Related Post