
ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ
- by Jasbeer Singh
- March 5, 2025

ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਦਿੱਤੀ ਜਾਂਦੀ ਹੈ ਵਿੱਤੀ ਸਹਾਇਤਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਕ ਮ੍ਰਿਤਕ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ ਸੁਨਾਮ ਉਧਮ ਸਿੰਘ ਵਾਲਾ, 5 ਮਾਰਚ : ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ, ਖੇਤ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਵਿੱਤੀ ਸਹਾਇਤਾ ਦੇ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਾਰਕਿਟ ਕਮੇਟੀ ਸੁਨਾਮ ਦੇ ਨੋਟੀਫਾਈਡ ਏਰੀਏ ਵਿੱਚ ਵਾਪਰੇ ਖੇਤੀ ਮਸ਼ੀਨਰੀ ਦੇ ਹਾਦਸਿਆਂ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਵਾਰਸਾਂ ਨੂੰ 7 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ 3.86 ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾ ਚੁੱਕੀ ਹੈ । ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ ਦੀ ਮੌਜੂਦਗੀ ਵਿੱਚ ਪਿੰਡ ਛਾਜਲਾ ਦੇ ਕਿਸਾਨ ਸਵ. ਕੁਲਦੀਪ ਸਿੰਘ ਦੇ ਵਾਰਸਾਂ ਨੂੰ 3 ਲੱਖ ਰੁਪਏ ਦੀ ਵਿੱਤੀ ਮਦਦ ਦਾ ਚੈੱਕ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਤੀ ਹਾਦਸਿਆਂ ਦਾ ਸ਼ਿਕਾਰ ਹੋਣ ਵਾਲਾ ਕੋਈ ਵੀ ਵਿਅਕਤੀ ਜਾਂ ਵਾਰਸ ਇਸ ਸੁਵਿਧਾ ਦਾ ਲਾਭ ਉਠਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਕੋਲ ਪਹੁੰਚ ਕਰ ਸਕਦਾ ਹੈ । ਇਸ ਮੌਕੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।