
12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ
- by Jasbeer Singh
- February 20, 2025

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਵਿਦਿਆਰਥੀਆਂ ਤੋਂ ਜ਼ਿੰਦਗੀ ਵਿੱਚ ਮਿੱਥੇ ਟੀਚਿਆਂ ਬਾਰੇ ਪੁੱਛਿਆ ਭਵਿੱਖੀ ਯੋਜਨਾਵਾਂ ਅਤੇ ਟੀਚਿਆਂ ਬਾਰੇ ਜਾਣਨ ਲਈ ਵਿਦਿਆਰਥੀਆਂ ਨੂੰ ਆਨਲਾਈਨ ਫਾਰਮ ਭੇਜਿਆ: ਹਰਜੋਤ ਬੈਂਸ ਫਾਰਮ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਦਿਆਰਥੀਆਂ ਨੂੰ 'ਸ਼ੁਭਕਾਮਨਾਵਾਂ' ਵਾਲਾ ਸੰਦੇਸ਼ ਵੀ ਭੇਜਿਆ ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਪਤਾ ਕਰਨ, ਉਨ੍ਹਾਂ ਨੂੰ ਸਮਝਣ ਤੇ ਪੂਰਾ ਕਰਨ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਆਨਲਾਈਨ ਫਾਰਮ ਭਰਵਾਇਆ ਗਿਆ ਹੈ । ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਵੱਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਇੱਕ ਗੂਗਲ ਫਾਰਮ ਸਾਂਝਾ ਕੀਤਾ ਗਿਆ ਹੈ । ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਫਾਰਮ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸ਼ੁੱਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਗਿਆ ਹੈ । ਇਸ ਫਾਰਮ ਵਿੱਚ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਜਿਵੇਂ ਉੱਚ ਸਿੱਖਿਆ, ਉੱਦਮਤਾ ਜਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਲੰਬੇ ਸਮੇਂ ਦੇ ਟੀਚਿਆਂ ਬਾਰੇ ਪੁੱਛਿਆ ਗਿਆ ਹੈ । ਇਕੱਤਰ ਹੋਣ ਵਾਲੀ ਜਾਣਕਾਰੀ ਨਾਲ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਯੋਜਨਾਵਾਂ ਨੂੰ ਨੇਪਰੇ ਚਾੜ੍ਹਨ ਵਿੱਚ ਸਹਾਇਤਾ ਦੇਣ ਲਈ ਢੁਕਵੀਂ ਯੋਜਨਾਬੰਦੀ ਬਣਾਉਣ ਵਿੱਚ ਮਦਦ ਕਰੇਗੀ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਹੁੰਚ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਦੀਆਂ ਇੱਛਾਵਾਂ ਅਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ । ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਵਿਦਿਆਰਥੀ ਨਿੱਜੀ ਤੌਰ 'ਤੇ ਇਹ ਐਸਪੀਰੇਸ਼ਨ ਫਾਰਮ ਭਰਨ ਅਤੇ ਉਹ ਵਿਦਿਆਰਥੀਆਂ ਨੂੰ ਇਸ ਫਾਰਮ ਨੂੰ ਭਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ। ਇਸ ਪਹਿਲਕਦਮੀ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਨੋਡਲ ਅਧਿਕਾਰੀਆਂ ਵਜੋਂ ਕੰਮ ਕਰਨਗੇ। ਬਲਾਕ ਪੱਧਰ 'ਤੇ, ਬਲਾਕ ਨੋਡਲ ਅਧਿਕਾਰੀ (ਬੀ. ਐਨ. ਓ.) ਨੇੜਿਓਂ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਹੈੱਡਕੁਆਰਟਰ ਦੇ ਅਧਿਕਾਰੀ ਲਾਈਵ ਡੈਸ਼ਬੋਰਡ ਰਾਹੀਂ ਬੈਕਐਂਡ ਸਹਾਇਤਾ ਪ੍ਰਦਾਨ ਕਰਨਗੇ ਜੋ ਹਰੇਕ ਜ਼ਿਲ੍ਹੇ ਵਿੱਚ ਭਰੇ ਗਏ ਫਾਰਮਾਂ ਦੀ ਪ੍ਰਤੀਸ਼ਤਤਾ ਨੂੰ ਟਰੈਕ ਕਰਨਗੇ । ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸ਼ੁਭਕਾਮਨਾਵਾਂ ਵਾਲਾ ਸੰਦੇਸ਼ ਵੀ ਸਾਂਝਾ ਕੀਤਾ ਗਿਆ ਹੈ। ਇਸ ਪੱਤਰ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਨਾ ਸਿਰਫ਼ ਹਰੇਕ ਵਿਦਿਆਰਥੀ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਬਲਕਿ ਇਸ ਅਹਿਮ ਮੌਕੇ ਮਾਨਸਿਕ ਤੰਦਰੁਸਤੀ ਦੀ ਮਹੱਤਤਾ ਬਾਰੇ ਵੀ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਇਮਤਿਹਾਨਾਂ ਸਬੰਧੀ ਤਣਾਅ ਨਾਲ ਨਜਿੱਠਣ ਲਈ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ । ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਅਕਾਦਮਿਕ ਦੇ ਨਾਲ ਨਾਲ ਭਾਵਨਾਤਮਿਕ ਤੌਰ 'ਤੇ ਸਹਾਇਤਾ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਤਾਂ ਜੋ ਉਨ੍ਹਾਂ ਨੂੰ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾ ਸਕੇ ।
Related Post
Popular News
Hot Categories
Subscribe To Our Newsletter
No spam, notifications only about new products, updates.