post

Admin

(Chief Editor)

Punjab

ਪੰਜਾਬ ਸਰਕਾਰ ਨੇ ਲਿਆ ਨੌਜਵਾਨਾਂ ਲਈ ਇਕ ਅਹਿਮ ਫ਼ੈਸਲਾ

post-img

ਪੰਜਾਬ ਸਰਕਾਰ ਨੇ ਲਿਆ ਨੌਜਵਾਨਾਂ ਲਈ ਇਕ ਅਹਿਮ ਫ਼ੈਸਲਾ

ਚੰਡੀਗੜ੍ਹ, 19 ਜੂਨ 2026 : ਪੰਜਾਬ ਸਰਕਾਰ (Punjab Government) ਵਲੋਂ ਐਸ. ਸੀ., ਓ. ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ ।

ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਸਰਕਾਰ ਵਲੋਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ (ਐਸ. ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ. ਆਈ. ਸੀ./ਜੀ. ਆਈ. ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ (Free coaching) ਦੇਣ ਦਾ ਐਲਾਨ ਕੀਤਾ ਹੈ । ਦੱਸਣਯੋਗ ਹੈ ਕਿ ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ ।

ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਪੰਜਾਬ ਨੇ

ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਆਖਿਆ ਹੈ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗ ਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫਲ ਕਰੀਅਰ ਬਣਾ ਸਕਣ । ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ ।

ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ : ਡਾ. ਬਲਜੀਤ ਕੌੌਰ

ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ।

ਕਿਹੜੇ ਕੋਚਿੰਗ ਸੈਂਟਰ ਵਿਚ ਕਰਵਾਈ ਜਾਵੇਗੀ ਕੋਚਿੰਗ

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3 ਬੀ-2, ਐੱਸ. ਏ. ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ । ਪੰਜਾਬ ਦੇ ਪੱਕੇ ਵਸਨੀਕ ਅਤੇ ਐਸ. ਸੀ., ਓ. ਬੀ. ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ । ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ।

ਕਿਸ ਆਧਾਰ ਤੇ ਕੀਤੀ ਜਾਵੇਗੀ ਉਮੀਦਵਾਰਾਂ ਦੀ ਚੋਣ

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ । ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ । ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ‘ਤੇ ambedkarinstitute013@gmail.com ਈ-ਮੇਲ ਰਾਹੀਂ ਭੇਜ ਸਕਦੇ ਹਨ ।

ਕੈਬਨਿਟ ਮੰਤਰੀ ਨੇ ਕੀਤੀ ਨੌਜਵਾਨਾਂ ਨੂੰ ਮੌਕੇ ਦਾ ਲਾਭ ਲੈਣ ਦੀ ਅਪੀਲ

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ ‘ਤੇ ਵਿਜਿ਼ਟ ਕਰ ਸਕਦੇ ਹਨ ।

Related Post

Instagram