
ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ
- by Jasbeer Singh
- February 13, 2025

ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਚੰਡੀਗੜ੍ਹ, 13 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ. ਡੀ. ਓਜ਼) ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਬਾਗਬਾਨੀ ਖੇਤਰ ਦਾ ਸਮੁੱਚਾ ਵਿਕਾਸ ਕਰਨਾ, ਕਿਸਾਨਾਂ ਨੂੰ ਸਹਿਯੋਗ ਦੇਣਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਹੈ । ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਬਾਗਬਾਨੀ ਵਿਕਾਸ ਅਫਸਰਾਂ ਦੀਆਂ 111 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ । ਉਨ੍ਹਾਂ ਸੀਨੀਅਰ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਲੋੜੀਂਦੇ ਵੇਰਵੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਨੂੰ ਭੇਜਣ ਦੀ ਹਦਾਇਤ ਕੀਤੀ ਹੈ । ਮੰਤਰੀ ਨੇ ਕਿਹਾ ਕਿ ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਿਸਾਨਾਂ ਨੂੰ ਤਕਨੀਕੀ ਮੁਹਾਰਤ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਬਿਹਤਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਕੇ ਬਾਗਬਾਨੀ ਖੇਤਰ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਭਰਤੀ ਨਾਲ ਸੂਬੇ ਦੇ ਖੇਤੀਬਾੜੀ ਅਰਥਚਾਰੇ 'ਤੇ ਦੂਰਗਾਮੀ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਇਹਨਾਂ ਸਿਖਲਾਈ ਪ੍ਰਾਪਤ ਪੇਸ਼ੇਵਰਾਂ ਦੀ ਸਹਾਇਤਾ ਨਾਲ, ਕਿਸਾਨਾਂ ਨੂੰ ਫਸਲ ਪ੍ਰਬੰਧਨ, ਜੈਵਿਕ ਖੇਤੀ ਅਤੇ ਉੱਨਤ ਕਾਸ਼ਤ ਤਕਨੀਕਾਂ ਵਿੱਚ ਬਿਹਤਰ ਮਦਦ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਉਤਪਾਦਕਤਾ ਅਤੇ ਆਮਦਨ ਵਿੱਚ ਵਾਧਾ ਹੋਵੇਗਾ । ਇਸ ਤੋਂ ਇਲਾਵਾ, ਇਹ ਪਹਿਲਕਦਮੀ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗੀ ਅਤੇ ਪੰਜਾਬ ਭਰ ਵਿੱਚ ਬਾਗਬਾਨੀ ਗਤੀਵਿਧੀਆਂ ਦੇ ਵਿਸਥਾਰ ਨੂੰ ਉਤਸ਼ਾਹਿਤ ਕਰੇਗੀ । ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਅਤੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਸਥਾਈ ਵਿਕਾਸ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.