ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਭਗਵੰਤ ਮਾਨ
- by Jasbeer Singh
- December 24, 2024
ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਭਗਵੰਤ ਮਾਨ - 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਇਆ; 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ - ਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾ - ਸੂਬਾ ਸਰਕਾਰ ਨੇ ਨਿਵੇਸ਼ਕਾਂ ਦੇ ਅੱਗੇ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੀ ਸ਼ਰਤ ਰੱਖੀ: ਭਗਵੰਤ ਸਿੰਘ ਮਾਨ ਚੰਡੀਗੜ੍ਹ : ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਹੁਣ ਤੱਕ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ, ਜਿਸ ਨਾਲ ਸੂਬੇ ਦੇ ਲਗਭਗ 3.92 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ । ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗੀਕਰਨ ਨੂੰ ਵੱਡੇ ਪੱਧਰ ‘ਤੇ ਹੁਲਾਰਾ ਦੇ ਕੇ ਸੂਬੇ ਨੂੰ ਵਿਕਾਸ ਦੇ ਸਿਖ਼ਰਾਂ ‘ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਸਿਰਫ 30 ਮਹੀਨਿਆਂ ਵਿੱਚ ਹੀ ਉਦਯੋਗੀਕਰਨ ਨੂੰ ਵੱਡਾ ਹੁਲਾਰਾ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਦਿੱਗਜ਼ ਕੰਪਨੀਆਂ ਸੂਬੇ ਵਿੱਚ ਨਿਵੇਸ਼ ਲਈ ਤਿਆਰ ਖੜ੍ਹੀਆਂ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਕਾਰਕ ਹਨ । ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਆਉਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਸਤੇ ਖੁੱਲ੍ਹ ਰਹੇ ਹਨ । ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਸਿਰਫ਼ ਸਥਾਨਕ ਨੌਜਵਾਨਾਂ ਨੂੰ ਹੀ ਨੌਕਰੀਆਂ ਮਿਲਣ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਨਿਵੇਸ਼ਕਾਂ ਅੱਗੇ ਇਹੀ ਇੱਕੋ ਇੱਕ ਸ਼ਰਤ ਹੀ ਰੱਖੀ ਜਾ ਰਹੀ ਹੈ ਤਾਂ ਜੋ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ । ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਸੂਬੇ ਦੇ ਬਿਹਤਰ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਸੱਭਿਆਚਾਰ ਅਤੇ ਕੰਮ ਲਈ ਅਨੁਕੂਲ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ, ਨਵੀਨ ਖੋਜਾਂ ਅਤੇ ਉਪਰਾਲਿਆਂ ਲਈ ਹਮੇਸ਼ਾ ਤਿਆਰ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.