
ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀ
- by Jasbeer Singh
- October 16, 2024

ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ ਅਧਿਕਾਰੀਆਂ ਨੂੰ ਠੇਕਾ ਆਧਾਰਤ ਡਰਾਈਵਰਾਂ/ਕੰਡਕਟਰਾਂ ਦੇ ਮਸਲਿਆਂ ਦਾ ਪੁਖ਼ਤਾ ਹੱਲ ਕਰਕੇ 22 ਅਕਤੂਬਰ ਨੂੰ ਠੋਸ ਤਜਵੀਜ਼ ਪੇਸ਼ ਕਰਨ ਦੀਆਂ ਹਦਾਇਤਾਂ ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਨੂੰ ਮੁਲਾਜ਼ਮਾਂ ਨੂੰ ਨਿਯਮਾਂ ਮੁਤਾਬਕ ਤਨਖ਼ਾਹਾਂ ਤੇ ਭੱਤੇ ਦੇਣਾ ਯਕੀਨੀ ਬਣਾਉਣ ਦੀ ਸਖ਼ਤ ਹਦਾਇਤ ਸਰਕਾਰੀ ਬੇੜੇ ਵਿੱਚ ਛੇਤੀ ਹੀ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ । ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਹੈ। ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗਲੀ ਮੀਟਿੰਗ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹਮਦਰਦੀ ਭਰਪੂਰ ਰਵੱਈਆ ਅਪਨਾਉਣ ਅਤੇ ਅਗਲੀ ਮੀਟਿੰਗ ਵਿੱਚ ਠੋਸ ਤਜਵੀਜ਼ ਲੈ ਕੇ ਆਉਣਾ ਯਕੀਨੀ ਬਣਾਉਣ । ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨ ਸਰਕਾਰ ਨੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜੰਗੀ ਪਧਰ 'ਤੇ ਵਿੱਢੀ ਹੋਈ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀਆਂ ਕਾਫ਼ੀ ਮੁਸ਼ਕਲਾਂ ਦਾ ਨਿਪਟਾਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਮੁਢਲਾ ਫ਼ਰਜ਼ ਹੈ ਕਿ ਉਹ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰੇ । ਸਰਵਿਸ ਪ੍ਰੋਵਾਈਡਰ ਏਜੰਸੀ ਦੇ ਠੇਕੇਦਾਰਾਂ ਵੱਲੋਂ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਠੇਕੇਦਾਰਾਂ ਨੂੰ ਤਾੜਨਾ ਕੀਤੀ ਕਿ ਉਹ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਨਿਯਮਾਂ ਮੁਤਾਬਕ ਤਨਖ਼ਾਹਾਂ ਤੇ ਭੱਤੇ ਦੇਣਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਠੇਕੇਦਾਰਾਂ ਨਾਲ ਛੇਤੀ ਹੀ ਮੀਟਿੰਗ ਉਲੀਕਣ ਦੇ ਆਦੇਸ਼ ਦਿੱਤੇ । ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਛੇਤੀ ਹੀ ਸਰਕਾਰੀ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਸਬੰਧੀ ਅਧਿਕਾਰੀਆਂ ਨੂੰ ਤੁਰੰਤ ਤਜਵੀਜ਼ ਤਿਆਰ ਕਰਕੇ ਅਗਲੇਰੀ ਕਾਰਵਾਈ ਅਰੰਭਣ ਲਈ ਕਿਹਾ । ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ, ਐਮ.ਡੀ ਪੀ.ਆਰ.ਟੀ.ਸੀ. ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਏ.ਡੀ.ਓ ਪਨਬੱਸ ਸ੍ਰੀ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ. ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ। ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਵੱਖਰੀ ਮੀਟਿੰਗ, 22 ਅਕਤੂਬਰ ਨੂੰ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਚੰਡੀਗੜ੍ਹ: ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ (ਪਨਬਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਵੱਖਰੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗਠਤ ਕੀਤੀ ਗਈ ਟਰਾਂਸਪੋਰਟ ਵਿਭਾਗ ਦੀ ਵਿਸ਼ੇਸ਼ ਕਮੇਟੀ ਦੀ 22 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ 'ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
Related Post
Popular News
Hot Categories
Subscribe To Our Newsletter
No spam, notifications only about new products, updates.