
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ
- by Jasbeer Singh
- September 1, 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੋਹਲੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਪਟਿਆਲਾ, 1 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਾਬਕਾ ਮੰਤਰੀ ਸਵ: ਸੁਰਜੀਤ ਸਿੰਘ ਕੋਹਲੀ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਅੱਜ ਸਵਰਗੀ ਕੋਹਲੀ ਦੇ ਸਪੁੱਤਰ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਜਿਥੇ ਇਹ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਹੀ ਜ਼ਿਲ੍ਹੇ ਤੇ ਸੂਬੇ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ ਕਿਉਂਕਿ ਸਵ: ਸੁਰਜੀਤ ਸਿੰਘ ਕੋਹਲੀ ਆਮ ਲੋਕਾਂ ਨਾਲ ਜੁੜੇ ਹੋਏ ਵਿਅਕਤੀ ਸਨ ਤੇ ਹਰੇਕ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੁੰਦੇ ਸਨ । ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਵ: ਸੁਰਜੀਤ ਸਿੰਘ ਕੋਹਲੀ ਇਕ ਪ੍ਰੌੜ੍ਹ ਸਿਆਸਤਦਾਨ ਸਨ, ਜਿਨ੍ਹਾਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਐਮ.ਸੀ. ਤੋਂ ਕੀਤੀ ਅਤੇ ਪੰਜਾਬ ਦੇ ਮੰਤਰੀ ਬਣਨ ਤੱਕ ਦਾ ਸਫਰ ਤੈਅ ਕੀਤਾ। ਉਨ੍ਹਾਂ ਆਪਣੇ ਸਿਆਸੀ ਜੀਵਨ ਵਿੱਚ ਹਮੇਸ਼ਾ ਸੂਬੇ ਦੀ ਬਿਹਤਰੀ ਲਈ ਕੰਮ ਕੀਤਾ, ਜੋ ਹਮੇਸ਼ਾ ਯਾਦ ਰੱਖਿਆ ਜਾਵੇਗਾ । ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਵ: ਸੁਰਜੀਤ ਸਿੰਘ ਕੋਹਲੀ ਵੱਲੋਂ ਸਮਾਜ ਭਲਾਈ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ, ਐਸ.ਏ.ਐਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਸ਼ਹਿਰਵਾਸੀ, ਰਿਸ਼ਤੇਦਾਰ, ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਆਗੂ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.