post

Jasbeer Singh

(Chief Editor)

ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ

post-img

ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ ਕਿਰਨ ਵਾਸੀ ਸੰਧੂ ਐਵੀਨਿਊ, ਬਟਾਲਾ ਰੋਡ, ਅੰਮ੍ਰਿਤਸਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ (ਸ਼ਿਕਾਇਤਕਰਤਾ) ਵੱਲੋਂ ਕੋਟ ਖਾਲਸਾ, ਅੰਮ੍ਰਿਤਸਰ ਵਿਖੇ ਬਣਾਈ ਜਾ ਰਹੀ ਕਲੋਨੀ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਨੇ ਪਹਿਲਾਂ ਵੀ 5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੇ ਫਿਰ ਤੋਂ ਐਨ.ਓ.ਸੀ. ਸਬੰਧੀ ਸ਼ਰਤਾਂ ਪੂਰੀਆਂ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਏ.ਟੀ.ਪੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Related Post