

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ ਸੂਬੇ ਦਾ ਸਿੱਖਿਆ ਢਾਂਚਾ ਬਣਿਆ ਮਿਸਾਲੀ: ਦਲਵੀਰ ਸਿੰਘ ਢਿੱਲੋਂ ਪੰਜਾਬ ਸਰਕਾਰ ਨੇ ਕੀਤੇ ਵਾਅਦੇ ਨਿਭਾਏ: ਰਾਜਵੰਤ ਸਿੰਘ ਘੁੱਲੀ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਵੱਲੋਂ ਹਲਕਾ ਧੂਰੀ ਦੇ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਿਤ ਧੂਰੀ, 27 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸੂਬੇ ਦੇ ਸਿੱਖਿਆ ਢਾਂਚੇ ਦਾ ਵਿਕਾਸ ਹੋਇਆ ਹੈ ਤੇ ਪੰਜਾਬ ਦਾ ਸਿੱਖਿਆ ਢਾਂਚਾ ਮਿਸਾਲੀ ਬਣਿਆ ਹੈ। ਪੰਜਾਬ ਦੇ ਲੋਕਾਂ ਨਾਲ ਜਿਹੜੇ ਵੀ ਵਾਅਦੇ ਕੀਤੇ ਸਨ, ਉਹਨਾਂ ਵਿਚੋਂ ਵੱਡੀ ਗਿਣਤੀ ਪੂਰੇ ਕੀਤੇ ਗਏ ਹਨ ਤੇ ਬਾਕੀਆਂ ਲਈ ਦਿਨ ਰਾਤ ਇੱਕ ਕਰ ਕੇ ਕੰਮ ਜਾਰੀ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਰਹੇੜੀ, ਸਰਕਾਰੀ ਪ੍ਰਾਇਮਰੀ ਸਕੂਲ, ਭੁੱਲਰਹੇੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਭੱਦਲਵੱਡ ਵਿਖੇ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ । ਇਸ ਮੌਕੇ ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹਨਾਂ ਵਿੱਚ ਸਿੱਖਿਆ ਖੇਤਰ ਨੂੰ ਮਿਸਾਲੀ ਬਨਾਉਣਾ ਪਹਿਲ ਦੇ ਅਧਾਰ ਉੱਤੇ ਸ਼ਾਮਲ ਸੀ, ਜਿਸ ਨੂੰ ਪੂਰਾ ਕਰਨ ਹਿਤ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਤੇ ਅੱਜ ਉਸ ਮਿਹਨਤ ਨੂੰ ਬੂਰ ਪਿਆ ਹੈ ਤੇ ਸਕੂਲਾਂ ਵਿੱਚ ਜਿਹੜੀਆਂ ਵੀ ਕਮੀਆਂ ਸਨ, ਉਹ ਪੂਰੀਆਂ ਕਰ ਕੇ ਸਕੂਲਾਂ ਨੂੰ ਮਿਸਾਲੀ ਬਣਾਇਆ ਜਾ ਰਿਹਾ ਹੈ। ਸ. ਘੁੱਲੀ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ । ਇਸ ਮੌਕੇ ਰਸ਼ਪਾਲ ਸਿੰਘ, ਤੀਰਥ ਸਿੰਘ ਗਿੱਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ।