post

Jasbeer Singh

(Chief Editor)

Punjab

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ

post-img

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਫਤਹਿਗੜ੍ਹ ਸਾਹਿਬ : ਅੱਜ ਸ਼ਨੀਵਾਰ ਸਵੇਰੇ ਪੰਜਾਬੀ ਕਲਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ ਆਪਣੇ ਚੰਡੀਗੜ੍ਹ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਯਾਦ `ਚ ਬਣੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਫਿਲਮ ਸਟਾਰ ਦਿਲਜੀਤ ਤੜਕਸਾਰ ਗੁਰੂ ਘਰ ਪਹੁੰਚੇ। ਦਿਲਜੀਤ ਨੇ ਸਖ਼ਤ ਸੁਰੱਖਿਆ ਹੇਠ ਗੁਰੂ ਘਰ ਵਿਖੇ ਕੀਰਤਨ ਸਰਵਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿਰ ਝੁਕਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਸਰਹਿੰਦ ਦੀ ਉਸ ਕੰਧ ਦਾ ਵੀ ਦੌਰਾ ਕੀਤਾ ਜਿੱਥੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਿੰਦਾ ਚਿਣਵਾ ਦਿੱਤਾ ਗਿਆ ਸੀ। ਉਹ ਮੱਥਾ ਟੇਕਣ ਠੰਢਾ ਬੁਰਜ ਵੀ ਗਏ। ਇਸ ਅਸਥਾਨ `ਤੇ ਮਾਤਾ ਗੁਜਰ ਕੌਰ ਜੀ ਸ਼ਹੀਦ ਹੋਏ ਸਨ। ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਦਿਲਜੀਤ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਬਾਹਰ ਉਡੀਕ ਕਰ ਰਹੇ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕੀਤੀ। ਦਿਲਜੀਤ ਦੁਸਾਂਝ ਨੇ ਮੀਡੀਆ ਤੋਂ ਦੂਰੀ ਬਣਾ ਕੇ ਕਿਹਾ ਕਿ ਉਹ ਸਿਰਫ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ।

Related Post