post

Jasbeer Singh

(Chief Editor)

Sports

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ 38ਵੀਆਂ ਰਾਸ਼ਟਰੀ ਖੇਡਾਂ 'ਚ ਜਿੱਤੇ ਤਿੰਨ ਤਗ਼ਮੇ

post-img

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ 38ਵੀਆਂ ਰਾਸ਼ਟਰੀ ਖੇਡਾਂ 'ਚ ਜਿੱਤੇ ਤਿੰਨ ਤਗ਼ਮੇ -150/150 ਦੇ ਸੰਪੂਰਨ ਸਕੋਰ ਨਾਲ਼ ਰਾਸ਼ਟਰੀ ਖੇਡਾਂ ਦਾ ਨਵਾਂ ਰਿਕਾਰਡ ਵੀ ਕੀਤਾ ਕਾਇਮ ਪਟਿਆਲਾ, 6 ਜਨਵਰੀ : ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਦੇਹਰਾਦੂਨ ਵਿੱਚ 38ਵੀਆਂ ਰਾਸ਼ਟਰੀ ਖੇਡਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗ਼ਮੇ ਜਿੱਤ ਲਏ ਹਨ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਇਸ ਬਾਰੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਨੀਤ ਕੌਰ ਨੇ ਤੀਰਅੰਦਾਜ਼ੀ ਕੰਪਾਊਂਡ ਵਿੱਚ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਈਵੈਂਟ ਵਿੱਚ ਚਾਂਦੀ ਤਗ਼ਮਾ ਅਤੇ ਮਿਕਸਡ ਈਵੈਂਟ ਵਿੱਚ ਕਾਂਸੀ ਤਗ਼ਮਾ ਜਿੱਤ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਖੁਸ਼ੀ ਵਾਲ਼ੀ ਗੱਲ ਹੈ ਕਿ ਪ੍ਰਨੀਤ ਕੌਰ ਨੇ 150/150 ਦੇ ਸੰਪੂਰਨ ਸਕੋਰ ਨਾਲ਼ ਰਾਸ਼ਟਰੀ ਖੇਡਾਂ ਦਾ ਨਵਾਂ ਰਿਕਾਰਡ ਵੀ ਕਾਇਮ ਕਰ ਦਿੱਤਾ ਹੈ । ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵੱਲੋਂ ਪ੍ਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ । ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਨਾਲ਼ ਸੰਬੰਧਤ ਪਰਨੀਤ ਕੌਰ ਤੀਰਅੰਦਾਜ਼ੀ ਦੇ ਖੇਤਰ ਵਿੱਚ ਵਿਸ਼ਵ ਪੱਧਰ ਉੱਤੇ ਨਾਮਣਾ ਖੱਟ ਰਹੀ ਹੈ । ਪਿਛਲੇ ਸਮੇਂ ਦੌਰਾਨ ਵੀ ਉਸ ਨੇ ਬਹੁਤ ਸਾਰੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਦੀ ਝੋਲ਼ੀ ਪਾਈਆਂ ਹਨ । ਉਹ ਦੋ ਦਰਜਨ ਤੋਂ ਵਧੇਰੇ ਅੰਤਰਰਾਸ਼ਟਰੀ ਤਗ਼ਮੇ ਜਿੱਤ ਚੁੱਕੀ ਹੈ । ਉਸ ਦੀਆਂ ਪ੍ਰਾਪਤੀਆਂ ਵਿੱਚ ਕੈਡਟ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਯੂਥ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, ਸੀਨੀਅਰ ਵਲਡ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ, 2022 ਦੀਆਂ ਏਸ਼ੀਅਨ ਖੇਡਾਂ ਵਿੱਚ ਸੋਨ ਤਗ਼ਮਾ, ਏਸ਼ੀਅਨ ਚੈਂਪੀਅਨਸ਼ਿਪ 2023 ਵਿੱਚ ਸੋਨ ਤਗ਼ਮਾ, ਏਸ਼ੀਆ ਕੱਪ ਵਿੱਚ ਸੋਨ ਤਗ਼ਮਾ,ਵਲਡ ਕੱਪ ਵਿੱਚ ਦੋ ਵਾਰ ਸੋਨ ਤਗ਼ਮਾ ਅਤੇ ਇਨ-ਡੋਰ ਵਲਡ ਸੀਰੀਜ਼ ਵਿੱਚ ਸੋਨ ਤਗ਼ਮਾ ਆਦਿ ਸ਼ਾਮਿਲ ਹਨ ।

Related Post