
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓ
- by Jasbeer Singh
- May 7, 2025

ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਅੱਠ ਦਿਨਾ ਓਰੀਐਂੇਟਸ਼ਨ ਪ੍ਰੋਗਰਾਮ ਸ਼ੁਰੂ ਪਟਿਆਲਾ, 7 ਮਈ : ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਨੀਤੀ ਬਾਰੇ ਓਰੀਐਂੇਟਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਕਰਵਾਏ ਜਾ ਰਹੇ ਇਸ ਅੱਠ ਦਿਨਾ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਭੇਜਿਆ ਵੀਡੀਓ ਸੰਦੇਸ਼ ਪ੍ਰਸਾਰਿਤ ਕੀਤਾ ਗਿਆ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਕੌਮੀ ਸਿੱਖਿਆ ਨੀਤੀ ਬਾਰੇ ਜਾਣੂ ਹੋਣਾ ਅਤੇ ਅਧਿਆਪਕਾਂ ਨੂੰ ਦੇਸ ਦੇ ਨਿਰਮਾਣ ਲਈ ਤਿਆਰ ਕਰਨ ਦੇ ਉਦੇਸ਼ ਨਾਲ਼ ਕਰਵਾਏ ਜਾ ਰਹੇ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ ਦੇ ਵੱਖ-ਵੱਖ ਪੱਖਾਂ ਬਾਰੇ ਜਾਣ ਕੇ ਅਧਿਆਪਕ ਆਪਣੇ ਪੇਸ਼ੇ ਵਿੱਚ ਹੋਰ ਵਧੇਰੇ ਸਮਰਥਾ ਨਾਲ਼ ਕਾਰਜ ਕਰ ਸਕਦੇ ਹਨ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਬਲਜੀਤ ਸਿੰਘ ਖੈਰਾ ਨੇ ਕਿਹਾ ਕਿ ਕੌਮੀ ਸਿੱਖਿਆ ਨੀਤੀ ਦੇ ਲਚਕੀਲੇਪਣ ਕਾਰਨ ਵਿਦਿਆਰਥੀ ਅੰਤਰ-ਅਨੁਸ਼ਾਸਨੀ ਤਰੀਕੇ ਨਾਲ਼ ਇੱਕ ਤੋਂ ਵਧੇਰੇ ਵਿਸ਼ਿਆਂ ਵਿੱਚ ਅਧਿਐਨ ਕਰਨ ਲਈ ਸਮਰੱਥ ਹੋਏ ਹਨ। ਅਜਿਹਾ ਹੋਣ ਨਾਲ਼ ਨਵੀਂਆਂ ਪਹਿਲਕਦਮੀਆਂ ਲਈ ਨਵੇਂ ਦਰਵਾਜ਼ੇ ਖੁੱਲ੍ਹੇ ਹਨ। ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਇਸ ਪ੍ਰੋਗਰਾਮ ਦੇ ਮਹੱਤਵ ਅਤੇ ਰੂਪ-ਰੇਖਾ ਬਾਰੇ ਬੋਲਦਿਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਤੋਂ ਸਿੱਖਿਆ ਅਤੇ ਸੂਚਨਾ ਫ਼ੈਕਲਟੀ ਦੇ ਡੀਨ ਡਾ. ਪੁਸ਼ਪਿੰਦਰ ਕੌਰ ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਵਜੋਂ ਅਤੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਦੇ ਮੁਖੀ ਡਾ. ਜਗਪ੍ਰੀਤ ਕੌਰ ਕੋ-ਕੋਆਰਡੀਨੇਟਰ ਵਜੋਂ ਭੂਮਿਕਾ ਨਿਭਾ ਰਹੇ ਹਨ। ਉਦਘਾਟਨੀ ਸੈਸ਼ਨ ਦੇ ਅੰਤ ਵਿੱਚ ਡਾ. ਜਗਪ੍ਰੀਤ ਕੌਰ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈ ਰਹੇ ਅਧਿਆਪਕਾਂ ਦੀ ਜਾਣ ਪਛਾਣ ਕਰਵਾਈ ਅਤੇ ਡਾ. ਪੁਸ਼ਪਿੰਦਰ ਕੌਰ ਵੱਲੋਂ ਧੰਨਵਾਦੀ ਸ਼ਬਦ ਬੋਲੇ ਗਏ।