ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ‘ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ’ ਵਿਖੇ ਜੂਨ 1984 ਘੱਲੂਘਾਰਾ ਦਿਵਸ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਗੁਰਦੁਆਰਾ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਇਸ ਸਬੰਧੀ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਵਿੱਚ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਹੋਈ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਮੂਹ ਸਟਾਫ ਮੈਂਬਰਾਂ ਨੇ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹਕੂਮਤ ਨੇ ਅਜਿਹਾ ਬਿਰਤਾਂਤ ਸਿਰਜਿਆ, ਜਿਸ ਨਾਲ ਸਿੱਖਾਂ ਦਾ ਮੁਕੱਦਸ ਅਸਥਾਨ ਢਹਿ ਢੇਰ ਕਰ ਦਿੱਤਾ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਵੱਡੀ ਗਿਣਤੀ ਵਿੱਚ ਬੇਦੋਸ਼ੇ ਸਿੰਘਾਂ ਅਤੇ ਸਿੰਘਣੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੂਨ 1984 ਘੱਲੂਘਾਰਾ ਨੂੰ ਸਿੱਖ ਕੌਮ ਕਦੇ ਵੀ ਭੁੱਲਾ ਨਹੀਂ ਸਕਦੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ ਵੀ ਮੌਜੂਦ ਸਨ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.