
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ
- by Jasbeer Singh
- November 3, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਕ ਸਮਾਗਮ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਮਾਣਿਆ ਆਨੰਦ ਪਟਿਆਲਾ 3 ਨਵੰਬਰ : ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੂੰ ਗੁਰਤਾਗੱਦੀ ਦਿਵਸ ਦੀ ਵਧਾਈ ਵੀ ਦਿੱਤੀ ਅਤੇ ਗੁਰਬਾਣੀ ਸਿਧਾਂਤ ਦੀ ਰੌਸ਼ਨੀ ’ਚ ਸੰਗਤਾਂ ਨੂੰ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ । ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਸੰਗਤਾਂ ਨੇ ਗੁਰਬਾਣੀ ਸਰਵਣ ਦਾ ਆਨੰਦ ਲਿਆ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਤਾਗੱਦੀ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਦਿਆਂ ਕਿਹਾ ਕਿ ਅਜੌਕੇ ਸਮੇਂ ਦੀਆਂ ਦਰਪੇਸ਼ ਮੁਸ਼ਕਲਾਂ ਦਾ ਹੱਲ ਸ੍ਰੀ ਗੁਰੂ ਗ੍ਰੰਥ ’ਚ ਮੌਜੂਦ ਹੈ, ਜੋ ਸਮੁੱਚੀ ਮਾਨਵਤਾ ਦੇ ਅਧਿਆਤਮਕ ਗੁਰੂ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਿਧਾਂਤ ਅਤੇ ਫਲਸਫੇ ਨਾਲ ਜੁੜਕੇ ਹੀ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਉਦੇਸ਼ ਨੂੰ ‘ਸ਼ਬਦ ਗੁਰੂ’ ਨਾਲ ਪ੍ਰਚਾਰਿਆ ਅਤੇ ਪਸਾਰਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸਿੱਖ ਸੰਗਤਾਂ ਦੀ ਹਾਜ਼ਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗਾਇਆ । ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼ਬਦ ਗੁਰੂ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਾਹ ਦਸੇਰਾ ਹਨ ਅਤੇ ਗੁਰੂ ਸਾਹਿਬ ਸਿੱਖਿਆਵਾਂ ਨੂੰ ਚੱਲ ਕੇ ਮਨੁੱਖ ਆਪਣੇ ਜੀਵਨ ਨੂੰ ਰੌਸ਼ਨਮਈ ਬਣਾ ਸਕਦਾ । ਧਾਰਮਕ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਖਰੌੜ, ਆਤਮ ਪ੍ਰਕਾਸ਼ ਬੇਦੀ, ਭਾਈ ਹਰਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸ਼ਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਮੌਜੂਦ ਸਨ ।