
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਿਕ ਸਮਾਗਮ
- by Jasbeer Singh
- May 11, 2025

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਧਾਰਮਿਕ ਸਮਾਗਮ ਸੰਗਤਾਂ ਗੁਰੂ ਘਰ ਨਤਮਸਤਕ, ਕੀਰਤਨੀ ਜੱਥਿਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ ਭਾਰਤ-ਪਾਕਿ ਜੰਗ ਦੌਰਾਨ ਸ਼ਾਂਤੀ ਕਾਇਮ ਰੱਖਣ ਲਈ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਪਟਿਆਲਾ 11 ਮਈ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤੀਸਰੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਭਾਰਤ-ਪਾਕਿ ਜੰਗ ਦੌਰਾਨ ਸ਼ਾਂਤੀ ਕਾਇਮ ਰੱਖਣ ਲਈ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਭਾਈ ਜਸਵਿੰਦਰ ਸਿੰਘ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਵਾ ਨੂੰ ਸਮਰਪਿਤ ਰਿਹਾ, ਜਿਨ੍ਹਾਂ ਨੇ ਗੁਰਬਾਣੀ ਦਾ ਪ੍ਰਚਾਰ ਪਸਾਰ ਕਰਦਿਆਂ ਸਮਾਜਕ ਬੁਰਾਈਆਂ ਦਾ ਖਾਤਮਾ ਕੀਤਾ ਅਤੇ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਨਾਲ ਜੋੜਕੇ ਪ੍ਰਮਾਤਮਾ ਨੂੰ ਪਾਉਣ ਦੀ ਜੁਗਤ ਦਿੱਤੀ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਗੁਰੂ ਸਾਹਿਬ ਨੇ ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਪ੍ਰਮੁੱਖ ਕੇਂਦਰ ਬਣਾਇਆ, ਜਿਥੋਂ ਪ੍ਰਚਾਰ ਪਸਾਰ ਦਾ ਪ੍ਰਵਾਹ ਚਲਿਆ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕੀਤਾ। ਗੁਰੂ ਸਾਹਿਬ ਦਾ ਜੀਵਨ ਗੁਰਬਾਣੀ ਆਸ਼ੇ ਅਨੁਸਾਰ ਜੀਵਨ ਜਿਉਣ ਦੀ ਜਾਂਚ ਪ੍ਰਦਾਨ ਕਰਦਾ ਹੈ ਅਤੇ ਸਿੱਖੀ ਨੂੰ ਪ੍ਰਫੁੱਲਤਾ ਕਰਨ ਦਾ ਮਾਰਗ ਦਰਸ਼ਨ ਵੀ ਕਰਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਧਾਰਮਕ ਸਮਾਗਮ ਦੌਰਾਨ ਮੈਨੇਜਰ ਭਾਗ ਸਿੰਘ ਚੌਹਾਨ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਗੁਰਬਚਨ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।