ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਦੀ ਜੂਹ ਵਿੱਚ ਵਸਦੇ ਪਿੰਡ ਝਿਊਰਹੇੜੀ ਦੇ ਵਸਨੀਕ ਕਾਫ਼ੀ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਜਲ ਸਪਲਾਈ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਇੱਕ ਦੂਜੇ ’ਤੇ ਗੱਲ ਸੁੱਟ ਕੇ ਪੱਲਾ ਝਾੜ ਰਹੇ ਹਨ। ਅਤਿ ਦੀ ਗਰਮੀ ਵਿੱਚ ਗ਼ਰੀਬ ਲੋਕ ਡਾਢੇ ਪ੍ਰੇਸ਼ਾਨ ਹਨ। ਇਨ੍ਹਾਂ ਦੇ ਮੁਹੱਲੇ ਵਿੱਚ ਲੋਕ ਬੂੰਦ-ਬੂੰਦ ਪਾਣੀ ਨੂੰ ਤਰਸ ਗਏ ਹਨ। ਕੁੱਝ ਦਿਨ ਪਹਿਲਾਂ ਡਿਪਟੀ ਕਮਿਸ਼ਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਪੰਚਾਇਤਾਂ ਭੰਗ ਹੋਣ ਕਾਰਨ ਜੇਈ ਜਸਪਾਲ ਮਸੀਹ ਨੂੰ ਪ੍ਰਬੰਧਕ ਲਗਾਇਆ ਗਿਆ ਹੈ। ਉਧਰ, ਦਲਿਤ ਵਰਗ ਦੇ ਉੱਦਮੀ ਨੌਜਵਾਨਾਂ ਨੇ ਬੰਦ ਪਏ ਪੁਰਾਤਨ ਖੂਹ ਦੀ ਸਫ਼ਾਈ ਸ਼ੁਰੂ ਕਰ ਦਿੱਤੀ ਹੈ। ਸਾਬਕਾ ਸਰਪੰਚ ਪ੍ਰੇਮ ਸਿੰਘ ਦੀ ਦੇਖ-ਰੇਖ ਹੇਠ ਡਾ. ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਹਰਮਨਜੋਤ ਸਿੰਘ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਭਜੋਤ ਸਿੰਘ ਅਤੇ ਹੋਰ ਨੌਜਵਾਨ ਪੁਰਾਣੇ ਖੂਹ ਦੀ ਸਫ਼ਾਈ ਕਰਨ ਵਿੱਚ ਲੱਗੇ ਹੋਏ ਹਨ ਤਾਂ ਜੋ ਇਸ ਖੂਹ ਨੂੰ ਪੁਰਾਤਨ ਯਾਦਗਾਰ ਵਜੋਂ ਸਾਂਭਿਆ ਜਾਵੇ ਅਤੇ ਪਿਆਸ ਬੁਝਾਈ ਜਾ ਸਕੇ। ਪਿੰਡ ਵਾਸੀ ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਕੁਲਵਿੰਦਰ ਸਿੰਘ ਅਤੇ ਹੋਰਨਾਂ ਵਿਅਕਤੀਆਂ ਨੇ ਕੁੱਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ। ਏਡੀਸੀ ਨੇ ਡੀਡੀਪੀਓ ਅਤੇ ਬੀਡੀਪੀਓ ਨੂੰ ਤੁਰੰਤ ਐਕਸ਼ਨ ਲੈਣ ਲਈ ਲਿਖਿਆ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਰਾਣੇ ਟਿਊਬਵੈੱਲ ਦੀ ਮੋਟਰ ਖ਼ਰਾਬ ਹੈ। ਕੁੱਝ ਦਿਨ ਪਹਿਲਾਂ ਮੋਟਰ ਟੁੱਟ ਕੇ ਪਾਈਪਲਾਈਨ ਵਿੱਚ ਡਿੱਗ ਗਈ ਸੀ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਵੱਲੋਂ ਨਵਾਂ ਟਿਊਬਵੈੱਲ ਲਗਾਉਣ ਲਈ 30 ਲੱਖ ਰੁਪਏ ਦਾ ਐਸਟੀਮੇਟ ਤਿਆਰ ਕਰ ਕੇ ਵਿਭਾਗ ਨੂੰ ਭੇਜਿਆ ਹੋਇਆ ਹੈ ਪਰ ਸਰਕਾਰ ਦੀ ਪ੍ਰਵਾਨਗੀ ਨਹੀਂ ਮਿਲੀ। ਵਿਭਾਗ ਕੋਲ ਪੈਸੇ ਜਮ੍ਹਾਂ ਨਹੀਂ ਹੋਏ: ਅਧਿਕਾਰੀ ਜਲ ਸਪਲਾਈ ਵਿਭਾਗ ਦੇ ਐਕਸੀਅਨ ਰਮਨਪ੍ਰੀਤ ਸਿੰਘ ਅਤੇ ਐਸਡੀਓ ਰਜਿੰਦਰ ਸਚਦੇਵਾ ਨੇ ਦੱਸਿਆ ਕਿ ਹਾਲੇ ਤੱਕ ਵਿਭਾਗ ਕੋਲ ਪੈਸੇ ਜਮ੍ਹਾਂ ਨਹੀਂ ਹੋਏ ਹਨ। ਪੁਰਾਣੇ ਟਿਊਬਵੈੱਲ ਦੀ ਮੋਟਰ ਬਾਹਰ ਕੱਢ ਕੇ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਚਾਇਤ ਕੋਲ ਫੰਡ ਉਪਲੱਬਧ ਹਨ, ਉਹ ਆਪਣੇ ਪੱਧਰ ’ਤੇ ਵੀ ਨਵਾਂ ਟਿਊਬਵੈੱਲ ਲਗਾ ਸਕਦੇ ਹਨ। ਉਂਜ ਅਧਿਕਾਰੀਆਂ ਨੇ ਕਿਹਾ ਕਿ ਪ੍ਰਵਾਨਗੀ ਮਿਲਣ ਅਤੇ ਵਿਭਾਗ ਕੋਲ ਪੈਸੇ ਜਮ੍ਹਾ ਹੋਣ ਤੋਂ ਬਾਅਦ ਨਵਾਂ ਟਿਊਬਵੈੱਲ ਲਾਇਆ ਜਾਵੇਗਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.