

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਪਟਿਆਲਾ, 31 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਦੀ ਸਬੰਧਤ ਵਿਭਾਗਾਂ ਦੇ ਮੁਖੀਆਂ ਤੋਂ ਰਿਪੋਰਟ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਜੇਕਰ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੀ ਜ਼ਰੂਰਤ ਹੈ ਤਾਂ ਉਸ ਦੀ ਵੀ ਪ੍ਰਪੋਜਲ ਸੌਂਪੀ ਜਾਵੇ। ਮੀਟਿੰਗ 'ਚ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤੇ ਚੱਲ ਰਹੇ ਕੰਮਾਂ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜਿਥੇ ਬਾਜ਼ਾਰਾਂ ਵਿੱਚ ਪਾਰਕਿੰਗ ਦੀ ਸਮੱਸਿਆ ਹੈ ਉਨ੍ਹਾਂ ਖੇਤਰਾਂ ਵਿੱਚ ਪਾਰਕਿੰਗ ਲਈ ਜਗ੍ਹਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਸੜਕਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਸਮਾਂਬੱਧ ਕਰਦੇ ਹੋਏ ਪ੍ਰਗਤੀ ਦੀ ਰਿਪੋਰਟ ਨਿਰੰਤਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹਨ ਉਹ ਵਿਭਾਗ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਕੰਮ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾ ਸਕੇ।
Related Post
Popular News
Hot Categories
Subscribe To Our Newsletter
No spam, notifications only about new products, updates.