
ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ
- by Jasbeer Singh
- May 2, 2025

ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ - ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਜ਼ਿਆਦਾਤਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਉੱਤੇ ਜ਼ੋਰ - ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਦੀ ਹਦਾਇਤ - ਚੇਅਰਮੈਨ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਹਦਾਇਤ ਸੰਗਰੂਰ, 2 ਮਈ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ ਵੱਖ ਖੇਤਰਾਂ ਵਿੱਚ ਕੰਮ ਬਹੁਤ ਜ਼ੋਰਾਂ ਉੱਤੇ ਜਾਰੀ ਹਨ। ਇਹਨਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 36 ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਥਾਂ ਥਾਂ ਉੱਤੇ ਮੋਘਿਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬਣ ਰਹੇ ਮੋਘਿਆ ਨਾਲ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਖੇਤੀ ਲਈ ਨਹਿਰੀ ਪਾਣੀ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਚੱਲ ਰਹੇ ਜਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ। ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਉਹਨਾਂ ਕਿਹਾ ਕਿ ਪਹਿਲਾਂ ਜਿਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਨੂੰ ਤਰਜੀਹ ਦੇਣ। ਬਿਨਾ ਵਜਾ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ (ਲੱਖਾ), ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਯਸ਼ਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਾਪੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.