
ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
- by Jasbeer Singh
- December 15, 2024

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ ਆਈ. ਟੀ. ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ । ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਜਾਂ ਹਸਪਤਾਲਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ । ਮੁੱਖ ਮੰਤਰੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ । ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦਾ ਗਵਾਹ ਹੈ ਅਤੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ । ਮੁੱਖ ਮੰਤਰੀ ਨੇ ਕਿਹਾ ਕਿ ਐਸ. ਏ. ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਮੰਤਵ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਵੀ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੈਡੀਕਲ ਸਿੱਖਿਆ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਮੈਡੀਕਲ ਸਟਾਫ਼ ਖਾਸ ਕਰ ਕੇ ਡਾਕਟਰਾਂ, ਨਰਸਾਂ ਅਤੇ ਸੈਨੇਟਰੀ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਸੰਭਵ ਯਤਨ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੁਢਲਾਡਾ ਦੀ ਮਸ਼ਹੂਰ ਆਈ. ਟੀ. ਆਈ. ਦੀ ਖ਼ਸਤਾ ਹਾਲਤ ਬਾਰੇ ਜਾਣ ਕੇ ਬਹੁਤ ਬੁਰਾ ਲੱਗਿਆ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਇਸ ਸੰਸਥਾ ਕਾਇਆ-ਕਲਪ ਵਾਸਤੇ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਹੈ । ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਕੋਰਸ ਕਰਵਾਏ ਜਾਣ ਤਾਂ ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਰਾਹ ਖੁੱਲ੍ਹ ਸਕਣ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਉਦਯੋਗਿਕ ਘਰਾਣਿਆਂ ਲਈ ਲੋੜ ਅਨੁਸਾਰ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕਰਨ ਵਿੱਚ ਮਦਦ ਮਿਲੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.