ਪੰਜਾਬ ਸਰਕਾਰ ਵੱਲੋਂ ਲਗਾਤਾਰ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ ਰੂਰਲ ਹੈਲਥ ਫ਼ਾਰਮੇਸੀ ਅਫਸਰ ਐਸੋਸੀਏਸ਼ਨ ਨੇ 3 ਜੁਲਾਈ ਨੂੰ ਜਲੰਧਰ ਵਿਖੇ ਪੋਲ ਖੋਲ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਰੂਰਲ ਹੈਲਥ ਫ਼ਾਰਮੇਸੀ ਅਫਸਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਜ਼ਿਲ੍ਹੇ ਦੇ ਉਪ ਮੁੱਖ ਕਾਰਜਕਾਰੀ ਅਫਸਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਦੇ ਹੱਲ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਜ਼ਿਲ੍ਹਾ ਆਗੂ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਦੇ ਪਿੰਡਾਂ ਵਿੱਚ ਬਣੀਆਂ ਪੇਂਡੂ ਡਿਸਪੈਂਸਰੀਆਂ ਵਿੱਚ 2006 ਤੋਂ ਕੰਮ ਕਰ ਰਹੇ ਹਨ। ਸਰਕਾਰ ਉਨ੍ਹਾਂ ਦਾ ਪਿਛਲੇ 18 ਸਾਲ ਤੋਂ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਇੰਨੀ ਮਹਿੰਗਾਈ ਦੇ ਸਮੇਂ ਵਿਚ ਵੀ ਉਨ੍ਹਾਂ ਨੂੰ ਸਿਰਫ਼ 11000/- ਰੁਪਏ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ ਜੋ ਕਿ ਉਨ੍ਹਾਂ (ਕਲਾਸ ਸੀ ਅਫ਼ਸਰਾਂ) ਲਈ ਬਹੁਤ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰ ਇਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਲਈ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ 12 ਜੂਨ ਨੂੰ ਪੰਚਾਇਤ ਮੰਤਰੀ ਤੇ ਸਿਹਤ ਮੰਤਰੀ ਸਾਹਿਬਾਨ ਨੂੰ ਮਿਲ ਕੇ ਆਪਣੀਆਂ ਮੰਗਾਂ ਪੂਰੀਆਂ ਕਰਨ ਲਈ ਜ਼ੋਰ ਦੇ ਕੇ ਕਿਹਾ ਸੀ, ਜਿਸ ’ਤੇ ਉਨ੍ਹਾਂ 10-12 ਦਿਨ ਵਿਚ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ 15 ਦਿਨ ਬਾਅਦ ਵੀ ਸਰਕਾਰ ਨੇ ਕੁੱਝ ਨਹੀਂ ਕੀਤਾ। ਇਸ ਲਈ ਅਖੀਰ ਮਜ਼ਬੂਰ ਹੋ ਕੇ ਸੂਬਾ ਕਮੇਟੀ ਨੇ ਮੀਟਿੰਗ ਕਰਕੇ ਸਰਕਾਰ ਦਾ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਸੰਬੰਧ ’ਚ ਪਹਿਲਾਂ ਜ਼ਿਲ੍ਹਿਆਂ ਦੇ ਏਡੀਸੀ (ਵਿਕਾਸ) ਰਾਹੀਂ ਮੁੱਖ ਮੰਤਰੀ, ਪੰਜਾਬ ਦੇ ਨਾਂ ਮੰਗ ਪੱਤਰ ਦਿੱਤੇ ਗਏ ਅਤੇ ਨਾਲ ਹੀ ਸਰਕਾਰ ਦੁਆਰਾ ਮੰਗਾਂ ਨਾ ਮੰਨਣ ’ਤੇ 3 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਵਿੱਚ ਸੂਬਾ ਪੱਧਰੀ ਪੋਲ ਖੋਲ ਰੈਲੀ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ। ਇਹ ਰੈਲੀ ਵਿੱਚ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹਦੇ ਪਰਚੇ ਵੀ ਵੰਡੇ ਜਾਣਗੇ। ਇਸ ਮੌਕੇ ਸਵਰਤ ਸ਼ਰਮਾ, ਗੁਰਸੇਵਕ ਸਿੰਘ, ਸਤਵੀਰ ਸਿੰਘ, ਗੁਰਮੁੱਖ ਸਿੰਘ, ਗੁਰਮੀਤ ਸਿੰਘ, ਬਲਕਾਰ ਸਿੰਘ, ਬਬੀਤਾ ਰਾਣੀ ਤੇ ਮੀਨਾਕਸ਼ੀ ਗੁਪਤਾ ਹਾਜ਼ਰ ਸਨ।
