
ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ
- by Jasbeer Singh
- October 23, 2024

ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਰਗਰਮ ਰਹੀਆਂ ਵੱਡੀ ਗਿਣਤੀ ਟੀਮਾਂ ਸੂਲਰ ਘਰਾਟ ਸਮੇਤ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਉਤਸਾਹਿਤ ਦਿੜ੍ਹਬਾ, 23 ਅਕਤੂਬਰ : ਸਬ ਡਵੀਜ਼ਨ ਦਿੜਬਾ ਅਧੀਨ ਆਉਂਦੇ ਪਿੰਡਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨਿਕ ਅਤੇ ਪੁਲਿਸ ਉੱਤੇ ਅਧਾਰਤ ਟੀਮਾਂ ਵੱਲੋਂ ਜਾਗਰੂਕਤਾ ਮਹਿ ਚਲਾਈ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤੇ ਉਹਨਾਂ ਵੱਲੋਂ ਸਬ ਡਵੀਜ਼ਨ ਅਧੀਨ ਆਉਂਦੇ ਵੱਡੀ ਗਿਣਤੀ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਗਿਆ ਹੈ ਅਤੇ ਰੋਜ਼ਾਨਾ ਹੀ ਵੱਖ-ਵੱਖ ਵਿਭਾਗਾਂ ਤੇ ਅਧਾਰਤ ਕਰਮਚਾਰੀ ਅਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਿਹਾਲ, ਸਫੀਪੁਰ ਖੁਰਦ, ਸਫੀਪੁਰ ਕਲਾਂ, ਸੂਲਰ ਘਰਾਟ ਅਤੇ ਦਿੜ੍ਹਬਾ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਥਾਂ ਉਤੇ ਖੇਤਾਂ ਵਿੱਚ ਹੀ ਰਲਾ ਕੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰ ਸਕਦੇ ਹਨ ਉਥੇ ਹੀ ਪਰਾਲੀ ਸੰਭਾਲਣ ਦੀਆਂ ਹੋਰ ਤਕਨੀਕਾਂ ਵੀ ਅਮਲ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ । ਉਹਨਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਖੇਤੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬਲਾਕ ਦੇ ਖੇਤੀਬਾੜੀ ਵਿਕਾਸ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ ।