
ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ
- by Jasbeer Singh
- November 3, 2024

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਨਿਯਮਤ ਜਾਂਚ ਕਰਨ ਦੇ ਆਦੇਸ਼ ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬ ਡਵੀਜ਼ਨ ਵਿੱਚ ਕਿਸਾਨਾਂ ਨੂੰ ਡੀਏਪੀ ਖਾਦ ਦੀ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੌਰਾਨ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਉਹ ਡੀਏਪੀ ਖਾਦ ਦੇ ਬਦਲਵੇਂ ਸਰੋਤਾਂ ਵਜੋਂ ਉਨ੍ਹਾਂ ਖਾਦਾਂ ਦੀ ਵਰਤੋਂ ਕਰ ਸਕਦੇ ਹਨ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਸਹੀ ਹਨ । ਐਸ. ਡੀ. ਐਮ. ਪ੍ਰਮੋਦ ਸਿੰਗਲਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਮੇਂ ਤੇ ਸਬ ਡਵੀਜ਼ਨ ਵਿੱਚ ਸਥਿਤ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਵਿੱਚ ਜਾਂਚ ਕਰਨ ਅਤੇ ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਦੇ ਨਾਲ ਨਾਲ ਕਿਸਾਨਾਂ ਨੂੰ ਖਾਦਾਂ ਦੇ ਨਾਲ ਜਬਰੀ ਤੌਰ ਤੇ ਦਿੱਤੇ ਜਾਣ ਵਾਲੇ ਹੋਰ ਸਮਾਨ ਸਬੰਧੀ ਵੀ ਚੌਕਸੀ ਰੱਖਣ । ਉਹਨਾਂ ਕਿਹਾ ਕਿ ਕਿਸੇ ਵੀ ਖਾਦ ਡੀਲਰ ਦੁਆਰਾ ਕਿਸਾਨਾਂ ਦਾ ਵਿੱਤੀ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਸਬੰਧੀ ਪਹਿਲਾਂ ਤੋਂ ਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ । ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਏ.ਡੀ.ਓ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਵਿੱਚ ਖਾਦ ਡੀਲਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਕਿਸਮ ਦੀ ਊਣਤਾਈ ਸਾਹਮਣੇ ਆਉਣ 'ਤੇ ਸਬੰਧਤ ਡੀਲਰਾਂ ਖਿਲਾਫ ਸਖਤ ਕਾਰਵਾਈ ਯਕੀਨੀ ਬਣਾਈ ਜਾਵੇਗੀ ।