
ਪੰਜਾਬ ’ਚ ਨਕਲੀ ਸ਼ਰਾਬ ਬਣਾਉਣ ਵਾਲੇ ਵੱਡੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਬਚਾਇਆ ਜਾ ਰਿਹੈ : ਜਾਖੜ
- by Jasbeer Singh
- March 25, 2024

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪਿੰਡ ਗੁੱਜਰਾਂ ਵਿਖੇ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਨਕਲੀ ਸ਼ਰਾਬ ਬਣਾਉਣ ਵਾਲੇ ਵੱਡੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਬਚਾਇਆ ਜਾ ਰਿਹਾ ਹੈ, ਸਿਰਫ ਸ਼ਰਾਬ ਸਪਲਾਈ ਕਰਨ ਵਾਲਿਆਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ’ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਹੜੀ ਸ਼ਰਾਬ ਠੇਕਿਆਂ ’ਤੇ ਵਿਕ ਰਹੀ ਹੈ, ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਪਰ ਨਕਲੀ ਸ਼ਰਾਬ ਪੰਜਾਬ ਵਿੱਚ ਵਿਕਣ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਦੀ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਮੁੱਖ ਮੰਤਰੀ ਦੇ ਆਉਣ ’ਤੇ ਕਈ ਲੋਕਾਂ ਨੂੰ ਘਰਾਂ ਅੰਦਰ ਬੰਦ ਕੀਤਾ ਗਿਆ ਤਾਂ ਜੋ ਉਹ ਆਪਣੀ ਗੱਲ ਨਾ ਕਹਿ ਸਕਣ। ਲੋਕਾਂ ਨੂੰ ਸਵਾਲ ਪੁੱਛਣ ਲਈ ਕਹਿਣ ਵਾਲਾ ਖ਼ੁਦ ਸਵਾਲਾਂ ਤੋਂ ਡਰ ਕੇ ਭੱਜ ਗਿਆ ਹੈ। ਕਾਂਗਰਸ ਸਰਕਾਰ ਸਮੇਂ ਤਰਨਤਾਰਨ ਅਤੇ ਸਮਾਣਾ ਵਿੱਚ ਨਕਲੀ ਸ਼ਰਾਬ ਦੀ ਫੈਕਟਰੀ ਫੜੀ ਗਈ ਅਤੇ ਸੈਂਕੜੇ ਮੌਤਾਂ ਹੋਈਆਂ ਤਾਂ ਇਸ ਸਵਾਲ ਦੇ ਜਵਾਬ ਤੋਂ ਸੁਨੀਲ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਕੁਲਭੂਸ਼ਨ ਗੋਇਲ, ਅਜੈਬ ਸਿੰਘ ਰਟੋਲਾਂ ਅਤੇ ਹੋਰ ਨੇਤਾ ਹਾਜ਼ਰ ਸਨ।