
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਸੌਂਪਿਆ ਵਾਤਾਵਰਨ ਏਜੰਡਾ, ਭਗਵੰਤ ਮਾਨ ਦੀ ਨਵਜੰਮੀ ਧੀ ਨੂੰ ਦਿੱਤਾ ਅਸ਼ੀਰਵਾਦ
- by Aaksh News
- May 11, 2024

: ਰਾਜ ਸਭਾ ਮੈਂਬਰ ਤੇ ਵਾਤਾਵਰਨ ਪੇ੍ਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਾਤਾਵਰਨ ਏਜੰਡਾ ਸੌਂਪਿਆ । ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੁਲਾਕਾਤ ਦੌਰਾਨ ਹੋਈ ਗੱਲਬਾਤ ਪੱਤਰਕਾਰਾਂ ਨਾਲ ਸਾਂਝੀ ਕਰਦਿਆ ਕਿਹਾ ਕਿ ਸਤਲੁਜ ਦਰਿਆ ਦੇ ਗਿੱਦੜਪਿੰਡੀ ਦੇ ਰੇਲਵੇਂ ਪੁਲ ਹੇਠਾਂ 15 ਤੋਂ 18 ਫੁੱਟ ਤੱਕ ਮਿੱਟੀ ਜੰਮੀ ਹੋਈ ਹੈ, ਇਸ ਮਿੱਟੀ ਕੱਢਣ ਦਾ ਮਾਮਲਾ ਮੁੱਖ ਮੰਤਰੀ ਪੰਜਾਬ ਕੋਲ ਚੁੱਕਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਮਾਮਲੇ ਦੀ ਗੰਭੀਰਤਾ ਦੱਸਦਿਆ ਕਿਹਾ ਕਿ ਮਈ ਦਾ ਸਾਰਾ ਮਹੀਨਾ ਚੋਣਾਂ ਵਿੱਚ ਲੰਘ ਜਾਵੇਗਾ ਅਤੇ ਜੂਨ-ਜੁਲਾਈ ਵਿੱਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ, ਅਜਿਹੀ ਸਥਿਤੀ ਵਿੱਚ ਮਿੱਟੀ ਚੁੱਕਣ ਵਿੱਚ ਮੁਸ਼ਕਿਲ ਪੇਸ਼ ਆਵੇਗੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਰੋਸਾ ਦਿੱਤਾ ਕਿ ਇਹ ਲੋਕਾਂ ਦੇ ਜੀਵਨ ਨਾਲ ਜੁੜਿਆ ਹੋਇਆ ਸਿੱਧਾ ਮਸਲਾ ਹੈ । ਉਹ ਇਸ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਕੇ ਕੰਮ ਸ਼ੁਰੂ ਕਰਵਾ ਦੇਣਗੇ ਤਾਂ ਜੋ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ । ਇਸੇ ਦੌਰਾਨ ਸੰਤ ਸੀਚੇਵਾਲ ਨੇ ਹੜ੍ਹ ਰੋਕੂ ਕਮੇਟੀ ਵੱਲੋਂ ਵੀ ਇੱਕ ਮੈਮਰੰਡਮ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਸੌਂਪਿਆ, ਜਿਸ ਵਿੱਚ ਦਰਜਨ ਤੋਂ ਵੱਧ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਨੇ ਦਸਤਖਤ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਹੜ੍ਹਾਂ ਨਾਲ ਹੋਣ ਵਾਲੀ ਤਬਾਹੀ ਤੋਂ ਬਚਾਇਆ ਜਾਵੇ । ਸੰਤ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਨ ਦਾ ਏਜੰਡਾ ਉਨ੍ਹਾਂ ਵੱਲੋਂ ਸਾਰਿਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜੋ ਰਾਜਨੀਤਿਕ ਪਾਰਟੀਆਂ ਇਸ ਗੰਭੀਰ ਮੁੱਦੇ‘ਤੇ ਚੋਣਾਂ ਦੌਰਾਨ ਚਰਚਾ ਕਰ ਸਕਣ। ਫਰੀਦਕੋਟ ਤੋਂ ਚੋਣ ਲੜ ਰਹੇ ਕਰਮਜੀਤ ਸਿੰਘ ਅਨਮੋਲ ਵਾਤਾਵਰਨ ਦੇ ਮੁੱਦੇ ਨੂੰ ਸੁਚੱਜੇ ਢੰਗ ਨਾਲ ਉਠਾ ਰਹੇ ਹਨ। ਉਨ੍ਹਾਂ ਨੇ ਬਾਬਾ ਫਰੀਦ ਦੀ ਧਰਤੀ ਫਰੀਦਕੋਟ ਨੂੰ ਹਰਿਆ-ਭਰਿਆ ਕਰਨ ਦਾ ਅਹਿਦ ਲਿਆ ਹੈ । ਇਸ ਮੌਕੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗਿੱਦੜਪਿੰਡੀ ਦੇ ਰੇਲਵੇ ਪੁਲ ਹੇਠੋਂ ਮਿੱਟੀ ਕੱਢਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਥੇ ਕੁਝ ਲੋਕ ਦਰਿਆ ਦੀ ਜ਼ਮੀਨ ’ਤੇ ਨਜ਼ਾਇਜ ਕਬਜ਼ਾ ਕਰ ਕੇ ਬੈਠੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਹੜ੍ਹਾਂ ਨਾਲ ਸਾਲ 2019 ਵਿੱਚ ਪੰਜਾਬ ਸਰਕਾਰ ਦਾ 1200 ਕਰੋੜ ਦਾ ਨੁਕਸਾਨ ਹੋਇਆ ਸੀ। ਜਦਕਿ ਦਰਿਆ ਦੇ ਅੰਦਰ ਨਾਜਾਇਜ਼ ਕਬਜ਼ਾ ਕਰੀ ਬੈਠੇ ਲੋਕਾਂ ਦੀਆਂ ਫਸਲਾਂ ਬਚ ਗਈਆਂ ਸਨ ਤੇ ਧੁੱਸੀ ਬੰਨ੍ਹ ਤੋਂ ਬਾਹਰ ਬੈਠੇ ਦਰਜਨਾਂ ਪਿੰਡਾਂ ਦੀਆਂ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਆਪਣੀ ਧੀ ਨਿਆਮਤ ਕੌਰ ਨੂੰ ਲੈ ਕੇ ਆਈ। ਸੰਤ ਸੀਚੇਵਾਲ ਨੇ ਨਿਆਮਤ ਕੌਰ ਨੂੰ ਪਿਆਰ ਦਿੱਤਾ ਤੇ ਬੇਟੀ ਦੀ ਤੰਦਰੁਸਤੀ ਲਈ ਅਰਦਾਸ ਬੇਨਤੀ ਕੀਤੀ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.