

ਸ਼ਾਲੂ ਮਹਿਰਾ ਨੇ ਡੀਈਓ (ਐ.ਸਿ.) ਦਾ ਅਹੁਦਾ ਸੰਭਾਲਿਆ ਪਟਿਆਲਾ, 17 ਅਗਸਤ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਵਜੋਂ ਸੇਵਾਵਾਂ ਨਿਭਾਅ ਰਹੇ ਪੀਈਐਸ ਕਾਡਰ ਦੇ ਅਧਿਕਾਰੀ ਸ਼ਾਲੂ ਮਹਿਰਾ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਵਿਖੇ ਤਾਇਨਾਤ ਕੀਤਾ ਹੈ, ਜਿਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫਤਰ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ। ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਦੇ ਸਮੂਹ ਸਕੂਲਾਂ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਮੇਂ-ਸਮੇਂ ’ਤੇ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ ਤੇ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਟਾਫ ਦੀਆਂ ਮੁਸ਼ਕਲਾਂ ਤੇ ਮੰਗਾਂ ਦਾ ਵੀ ਸਾਰਥਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ, ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਤੇ ਪ੍ਰਿੰਸੀਪਲ ਮਨਮੋਹਨ ਸਿੰਘ ਸਮੇਤ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ ।