

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲੋਕ ਸਭਾ ਹਲਕਾ ਪਟਿਆਲਾ ਤੋਂ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ ਪੰਜਾਬ ਆ ਰਹੇ ਹਨ। ਉਹ ਡਾ. ਗਾਂਧੀ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਕਾਂਗਰਸੀ ਉਮੀਦਵਾਰਾਂ ਦਾ ਪ੍ਰਚਾਰ ਵੀ ਕਰਨਗੇ। ਡਾ. ਧਰਮਵੀਰ ਗਾਂਧੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਮਾਲਵਿੰਦਰ ਸਿੰਘ ਮਾਲੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਡਾ. ਗਾਂਧੀ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਉਨ੍ਹਾਂ ਨਾਲ ਗੱਲ ਹੋ ਚੁੱਕੀ ਹੈ ਤੇ ਆਉਂਦੇ ਦਿਨਾਂ ਵਿੱਚ ਉਹ ਪੰਜਾਬ ਦੀਆਂ ਸਿਆਸੀ ਸਟੇਜਾਂ ’ਤੇ ਨਜ਼ਰ ਆਉਣਗੇ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਅੰਮ੍ਰਿਤਸਰ, ਪਟਿਆਲਾ, ਸੰਗਰੂਰ ਅਤੇ ਜਲੰਧਰ ਦੀਆਂ ਸੀਟਾਂ ’ਤੇ ਵਿਸ਼ੇਸ਼ ਧਿਆਨ ਦੇਣਗੇ। ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਰਵਿੰਦਰ ਲਾਡੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ, ਸੁਰਜੀਤ ਸਿੰਘ ਧੀਮਾਨ, ਸ਼ੈਰੀ ਰਿਆੜ ਪਟਿਆਲਾ ਨੂੰ ਮੁਅੱਤਲ ਕੀਤਾ ਹੋਇਆ ਹੈ। ਉਨ੍ਹਾਂ ਦਾ ਸਾਰਾ ਧੜਾ ਨਵਜੋਤ ਸਿੱਧੂ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਨਵਜੋਤ ਸਿੰਘ ਸਿੱਧੂ ਸਿਆਸਤ ਤੋਂ ਦੂਰ ਹਨ। ਉਹ ਇਨ੍ਹਾਂ ਦਿਨਾਂ ਵਿੱਚ ਆਈਪੀਐੱਲ ਵਿੱਚ ਕੁਮੈਂਟਰੀ ਕਰ ਰਹੇ ਹਨ। ਉਨ੍ਹਾਂ ਦੇ ਆਉਣ ਨਾਲ ਕਾਂਗਰਸ ਵਿੱਚ ਨਵਾਂ ਉਤਸ਼ਾਹ ਆ ਸਕਦਾ ਹੈ।