
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਐਡਵੋਕੇਟ ਧਾਮੀ ਨੇ ਕੀਤਾ ਅਪ੍ਰਵਾਨ
- by Jasbeer Singh
- October 17, 2024

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਐਡਵੋਕੇਟ ਧਾਮੀ ਨੇ ਕੀਤਾ ਅਪ੍ਰਵਾਨ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਅਪ੍ਰਵਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਹਮੇਸ਼ਾਂ ਸਤਿਕਾਰ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਕੌਮ ਨੂੰ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਕੌਮ ਸੰਕਟਮਈ ਦੌਰ ਵਿੱਚੋਂ ਲੰਘ ਰਹੀ ਹੈ, ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਲਗਾਤਾਰ ਨਿਸ਼ਾਨੇ ’ਤੇ ਲੈ ਰਹੀਆਂ ਹਨ। ਅਜਿਹੇ ਸਮੇਂ ਵਿਚ ਸਭ ਦੀ ਸਾਂਝੀ ਜੁੰਮੇਵਾਰੀ ਹੈ ਕਿ ਕਿਸੇ ਵੀ ਵਿਵਾਦ ਤੋਂ ਬਚਿਆ ਜਾਵੇ ਅਤੇ ਕੌਮ ਦੇ ਵਡੇਰੇ ਹਿੱਤਾਂ ਲਈ ਕਾਰਜ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਐਸਐਸ, ਭਾਜਪਾ ਅਤੇ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਤੋੜਣ ਦੀ ਮਨਸ਼ਾ ਨਾਲ ਅੱਗੇ ਵਧ ਰਹੀਆਂ ਹਨ, ਜਿਸ ਦੀ ਮਿਸਾਲ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਸ਼੍ਰੋਮਣੀ ਕਮੇਟੀ ਨੂੰ ਖੰਡਤ ਕੀਤੇ ਜਾਣਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਰਕਾਰ ਦੀ ਸਿੱਧੀ ਦਖ਼ਲ ਅੰਦਾਜੀ ਤੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ਵਿਚ ਦਿੱਤਾ ਜਾ ਰਿਹਾ ਦਖਲ ਹੈ। ਇਨ੍ਹਾਂ ਦੇ ਹੱਥ ਹੁਣ ਪੰਜਾਬ ਵੱਲ ਵੀ ਵੱਧ ਰਹੇ ਹਨ, ਜਿਸ ਬਾਰੇ ਕੌਮ ਨੂੰ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਕਿਸੇ ਵੀ ਵਿਵਾਦ ਵਿਚ ਪੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਪਹਿਲਾਂ ਹੀ ਇਹ ਆਦੇਸ਼ ਕਰ ਚੁੱਕੇ ਹਨ ਕਿ ਕਿਸੇ ਵੀ ਕਿਸਮ ਦੀ ਬਿਆਨਬਾਜ਼ੀ ਨਾ ਕੀਤੀ ਜਾਵੇ ਅਤੇ ਉਹ ਸ਼੍ਰੋਮਣੀ ਕਮੇਟੀ ਵੱਲੋਂ ਅਪੀਲ ਕਰਦੇ ਹਨ ਕਿ ਕੋਈ ਆਗੂ ਅਜਿਹੀ ਬਿਆਨਬਾਜ਼ੀ ਨਾ ਕਰੇ ਜਿਸ ਨਾਲ ਸਿੱਖ ਸੰਸਥਾਵਾਂ ਅਤੇ ਕੌਮ ਦੇ ਸਨਮਾਨ ਨੂੰ ਠੇਸ ਪੁੱਜਦੀ ਹੋਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.