
ਪਟਿਆਲਾ ਜ਼ਿਲ੍ਹੇ `ਚ ਹੁਣ ਤੱਕ 834663 ਮੀਟ੍ਰਿਕ ਟਨ ਕਣਕ ਦੀ ਖਰੀਦ ਡੀ.ਸੀ.
- by Jasbeer Singh
- April 26, 2025

ਪਟਿਆਲਾ ਜ਼ਿਲ੍ਹੇ `ਚ ਹੁਣ ਤੱਕ 834663 ਮੀਟ੍ਰਿਕ ਟਨ ਕਣਕ ਦੀ ਖਰੀਦ ਡੀ.ਸੀ. ਪਟਿਆਲਾ, 26 ਅਪ੍ਰੈਲ - ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇਸ ਰੱਬੀ ਸੀਜਨ ਦੌਰਾਨ ਬੀਤੀ ਸ਼ਾਮ ਤੱਕ 834665 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਸਮੂਹ ਐਸ.ਡੀ.ਐਮਜ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਤੇ ਐਫ.ਸੀ.ਆਈ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੀ ਜਿਣਸ ਦੀ ਹੁਣ ਤੱਕ ਕਿਸਾਨਾਂ ਨੂੰ 1816.56 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ `ਚ 855010 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 834665 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ ਤੇ ਇਸ `ਚ ਹੋਰ ਵੀ ਤੇਜੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਏਜੰਸੀ ਵਾਰ ਕਣਕ ਦੀ ਖਰੀਦ ਦੇ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 270153 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 210720 ਮੀਟ੍ਰਿਕ ਟਨ, ਪਨਸਪ ਵੱਲੋਂ 170357 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 120457 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 62978 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।