
ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
- by Jasbeer Singh
- December 10, 2024

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਅਤੇ ਐਨ. ਐਸ. ਐਸ. ਵਿੰਗ ਵੱਲੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਨ.ਐਸ.ਐਸ. ਵਿਭਾਗ ਦੇ ਵਲੰਟੀਅਰ ਅਤੇ ਰਾਜਨੀਤਿਕ ਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਅਤੇ ਐਨ. ਐਸ. ਐਸ. ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਉਹ ਸਦਾਚਾਰੀ ਅਸੂਲ ਹਨ ਜੋ ਮਨੁੱਖੀ ਵਤੀਰੇ ਦੇ ਖਾਸ ਮਿਆਰਾਂ ਨੂੰ ਉਲੀਕਦੇ ਹਨ, ਜਿਨਾਂ ਦੀ ਕੌਮੀ ਅਤੇ ਕੌਮਾਂਤਰੀ ਕਾਨੂੰਨ ਵਿੱਚ ਮਨੁੱਖੀ ਹੱਕਾਂ ਦੇ ਬਰਾਬਰ ਰਾਖੀ ਕੀਤੀ ਜਾਂਦੀ ਹੈ । ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਦੇ ਸਾਰੇ ਮਨੁੱਖਾਂ ਦੇ ਅਧਿਕਾਰਾਂ ਦਾ ਸਨਮਾਨ ਕਰੀਏ ਅਤੇ ਉਨ੍ਹਾਂ ਨੂੰ ਇਹ ਅਧਿਕਾਰ ਦਿਵਾਉਣ ਦੀ ਹਰ ਸੰਭਵ ਮਦਦ ਕਰੀਏ । ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਸਾਨੂੰ ਇਹ ਯਾਦ ਦਿਵਾਉਣਾ ਹੈ ਕਿ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਕਰਨ ਨਾਲ ਮਨੁੱਖਾਂ ਨੂੰ ਨਾ ਕੇਵਲ ਗੌਰਵਮਈ ਜੀਵਨ ਬਤੀਤ ਕਰਨ ਦਾ ਅਵਸਰ ਮਿਲੇਗਾ ਬਲਕਿ ਸੰਯੁਕਤ ਰਾਸ਼ਟਰ ਦੇ ਉਦੇਸ਼ਾਂ ਅਨੁਸਾਰ ਦੇਸ਼ਾਂ ਅਤੇ ਕੌਮਾਂ ਵਿੱਚ ਪ੍ਰੇਮ ਪਿਆਰ ਅਤੇ ਸਦਭਾਵਨਾ ਵਧੇਗੀ ਅਤੇ ਸੰਸਾਰ ਵਿੱਚ ਸ਼ਾਂਤੀ ਸਥਾਪਿਤ ਕਰਨ ਵਿੱਚ ਵੀ ਮਦਦ ਮਿਲੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ. ਐਸ. ਐਸ. ਦੇ ਪ੍ਰੋਗਰਾਮ ਅਫਸਰ ਡਾ. ਦਵਿੰਦਰ ਸਿੰਘ ਤੇ ਡਾ. ਸਪਨਾ ਰਾਜਨੀਤਿਕ ਵਿਗਿਆਨ ਵਿਭਾਗ ਤੋਂ ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਹਰਮਨਪ੍ਰੀਤ ਸਿੰਘ, ਡਾ. ਉਪਾਸਨਾ ਗਰਗ ਅਤੇ ਡਾ. ਸੰਦੀਪ ਕੌਰ ਹਾਜ਼ਰ ਸਨ ।