ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ
- by Jasbeer Singh
- January 28, 2026
ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ 2026 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ ਸਿਖਲਾਈ ਕਾਰਜਕ੍ਰਮ ਆਯੋਜਿਤ ਕੀਤਾ ਗਿਆ । ਇਸ ਸਿਖਲਾਈ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ਇਸ ਕਾਰਜਕ੍ਰਮ ਦੌਰਾਨ 109 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਿਖਲਾਈ ਸੈਸ਼ਨ ਦੌਰਾਨ ਬੱਚਿਆਂ ਲਈ ਸੰਤੁਲਿਤ ਪੋਸ਼ਣ, ਪੋਸ਼ਣ ਆਹਾਰ ਦੀ ਸਹੀ ਤਿਆਰੀ, ਸਫ਼ਾਈ ਅਤੇ ਸਿਹਤਮੰਦ ਆਦਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਖੇਡ-ਆਧਾਰਿਤ ਸਿੱਖਿਆ, ਕਹਾਣੀਆਂ, ਗੀਤਾਂ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿਖਲਾਈ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ ਗਈ। ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਵੱਲੋਂ ਆਂਗਣਵਾੜੀ ਸਟਾਫ਼ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਜਾਣਕਾਰੀ ਨੂੰ ਆਪਣੀ ਦਿਨਚਰਿਆ ਡਿਊਟੀ ਵਿੱਚ ਅਮਲ ਵਿੱਚ ਲਿਆਉਣ, ਤਾਂ ਜੋ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ।
