
ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਸਿੰਘ ਚੀਮਾ ਪੰਜਾਬੀ ਸਭਾ ਨਾਲ
- by Jasbeer Singh
- February 19, 2025

ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ : ਹਰਪਾਲ ਸਿੰਘ ਚੀਮਾ ਪੰਜਾਬੀ ਸਭਾ ਨਾਲ ਕੀਤੀ ਮੀਟਿੰਗ ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ, ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ ਦਫਤਰ ਵਿਖੇ ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਮੀਟਿੰਗ ਦੌਰਾਨ ਕੀਤਾ ਗਿਆ । ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਾਹਿਤ ਸਭਾਵਾਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਕਲਾ ਲਈ ਕੰਮ ਕਰ ਰਹੀ ਹੈ । ਇਸ ਵੇਲੇ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਵਿੱਚ ਪੰਜਾਬ ਨਵ ਸਿਰਜਣਾ ਸਮਾਗਮਾਂ ਦੀ ਲੜੀ ਕਰਵਾਈ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਹਿਤ, ਕਲਾ, ਸੱਭਿਆਚਾਰ ਨਾਲ ਸਬੰਧਤ ਸਮਾਗਮ ਕਰਵਾਏ ਜਾ ਰਹੇ ਹਨ । ਇਸ ਮੌਕੇ ਲੇਖਕ ਸਭਾ ਵੱਲੋਂ ਰੱਖੀਆਂ ਮੰਗਾਂ ਨੂੰ ਪੂਰੀ ਗਹੁ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਹਿਲਾਂ ਹੀ ਕੰਮ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਉਨ੍ਹਾਂ ਮੌਕੇ ਉਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਭਾਸ਼ਾ ਕਾਨੂੰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਆਖਦਿਆਂ ਕਿਹਾ ਕਿ ਜੋ ਵੀ ਵਿਭਾਗ ਜਾਂ ਕਰਮਚਾਰੀ ਇਸ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਹਰ ਖੇਤਰ ਵਿੱਚ ਪੰਜਾਬੀ ਭਾਸ਼ਾ ਵਿੱਚ ਕੰਮ ਕਰਨਾ ਯਕੀਨੀ ਬਣਾਉਣ ਅਤੇ ਪੰਜਾਬੀ ਵਿੱਚ ਬੋਰਡ ਲਗਾਉਣ ਦੀ ਦਿਸ਼ਾ ਵਿੱਚ ਸਰਕਾਰ ਨਿਰੰਤਰ ਕੰਮ ਕਰ ਰਹੀ ਹੈ । ਇਸ ਉਪਰੰਤ ਵਿੱਤ ਮੰਤਰੀ ਅਤੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਿਨਟ ਸਬ-ਕਮੇਟੀ ਵੱਲੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਅਤੇ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਗਈ । ਕੈਬਿਨਟ ਸਬ-ਕਮੇਟੀ ਨੇ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਜਥੇਬੰਦੀਆਂ ਦੀਆਂ ਮੰਗਾਂ ਨਾਲ ਪੂਰੀ ਹਮਦਰਦੀ ਅਤੇ ਸਕਰਾਤਮਕ ਰਵੱਈਆਂ ਰੱਖਦੀ ਹੈ। ਉਨ੍ਹਾਂ ਜਥੇਬੰਦੀਆਂ ਵੱਲੋਂ ਸਾਂਝੇ ਕੀਤੇ ਗਏ ਮਸਲਿਆਂ ਅਤੇ ਜਾਇਜ਼ ਮੰਗਾਂ ਸਬੰਧੀ ਜਲਦੀ ਕਾਰਵਾਈ ਦਾ ਭਰੋਸਾ ਦਿੱਤਾ । ਇਸ ਮੌਕੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਵਧੀਕ ਮੁੱਖ ਸਕੱਤਰ ਵਿਕਾਸ ਅਨੁਰਾਗ ਵਰਮਾ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.