post

Jasbeer Singh

(Chief Editor)

Patiala News

ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਚੰਦਨ ਗਰੇਵਾਲ

post-img

ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਚੰਦਨ ਗਰੇਵਾਲ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਸੰਗਰੂਰ, 23 ਸਤੰਬਰ : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਈ ਹਰ ਬੇਨਿਯਮੀ ਨੂੰ ਉਹ ਨਿੱਜੀ ਪੱਧਰ ‘ਤੇ ਵਾਚਣਗੇ ਅਤੇ ਸਬੰਧਤ ਠੇਕੇਦਾਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਣਗੇ । ਸ਼੍ਰੀ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਨੂੰ ਸਾਫ-ਸੁਥਰਾ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ । ਚੇਅਰਮੈਨ ਨੇ ਠੇਕਾ ਅਧਾਰਤ ਸਫ਼ਾਈ ਕਰਮਚਾਰੀਆਂ ਤੋਂ ਉਹਨਾਂ ਨੂੰ ਮਿਲਦੀ ਤਨਖਾਹ ਤੇ ਉਜਰਤਾਂ ਬਾਰੇ ਪਤਾ ਕੀਤਾ। ਉਹਨਾਂ ਨੂੰ ਬੈਂਕ ਵੱਲੋਂ ਖਾਤਿਆਂ ਵਿੱਚ ਪੈਸੇ ਆਉਣ ਬਾਬਤ ਮੋਬਾਈਲ ਫ਼ੋਨ ਉਤੇ ਸੁਨੇਹੇ ਲਾਗੂ ਕਰਵਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜਿਹੜਾ ਵੀ ਠੇਕੇਦਾਰ ਜੇਕਰ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਉਸ ਦਾ ਠੇਕਾ ਰੱਦ ਕੀਤਾ ਜਾਵੇ, ਖ਼ਾਸ ਤੌਰ ਉੱਤੇ ਘੱਟ ਉਜਰਤਾਂ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ । ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਵੱਖ ਵੱਖ ਫੰਡਾਂ ਦੇ ਮਸਲੇ ਹੱਲ ਕੀਤੇ ਜਾਣ। ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈ.ਡੀ. ਕਾਰਡ ਵਿੱਚ ਈ. ਐੱਸ.ਆਈ. ਅਤੇ ਈ.ਪੀ.ਐੱਫ. ਨੰਬਰ ਦਰਜ ਜ਼ਰੂਰ ਕੀਤਾ ਜਾਵੇ। ਇਸ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਨੂੰ ਆਊਟਸੋਰਸ ਤੋਂ ਸਿੱਧਾ ਠੇਕੇ ਉੱਤੇ ਤਬਦੀਲ ਕਰਨ ਤੇ ਅੱਗੇ ਉਹਨਾਂ ਨੂੰ ਪੱਕੇ ਕਰਨ ਬਾਬਤ ਵੀ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਾਰੇ ਕਾਰਜ ਸਾਧਕ ਅਫ਼ਸਰਾਂ ਇਹ ਸਰਟੀਫਿਕੇਟ ਦੇਣ ਲਈ ਵੀ ਕਿਹਾ ਗਿਆ ਕਿ ਕੋਈ ਵੀ ਸਫ਼ਾਈ ਸੇਵਕ ਡਰਾਈਵਰ ਦਾ ਕੰਮ ਨਹੀਂ ਕਰ ਰਿਹਾ ਹੈ । ਚੇਅਰਮੈਨ ਚੰਦਨ ਗਰੇਵਾਲ ਨੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਉਨ੍ਹਾਂ ਨੇ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਮੁਸ਼ਕਲਾਂ ਦੇ ਹੱਲ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਚੇਅਰਮੈਨ ਗਰੇਵਾਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਮੁੱਹਈਆ ਕਰਵਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਨਿਯਮਾਂ ਮੁਤਾਬਕ ਫੌਰੀ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ । ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਗਰੇਵਾਲ ਦੇ ਨਾਲ ਮਿੱਠੂ, ਕਾਰਜ ਸਾਧਕ ਅਫ਼ਸਰ ਗੁਰਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

Related Post