
ਐਨ. ਓ. ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ : ਮੁੰਡੀਆ
- by Jasbeer Singh
- November 27, 2024

ਐਨ. ਓ. ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ : ਮੁੰਡੀਆਂ ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਉਠਾਇਆ ਜਾ ਸਕਦਾ ਹੈ ਫ਼ਾਇਦਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਚੰਡੀਗੜ੍ਹ, 27 ਨਵੰਬਰ : ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ. ਓ. ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ ।ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਸ. ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ. ਓ. ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ । ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ ਜਿਸ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਫ਼ਾਇਦਾ ਉਠਾਇਆ ਜਾ ਸਕਦਾ । ਇਸ ਸੰਬੰਧੀ ਮਾਲ ਵਿਭਾਗ ਵੱਲੋਂ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀ ਕਾਪੀ ਭੇਜਦਿਆਂ ਇਸ ਦੀ ਇੰਨ-ਬਿੰਨ ਪਾਲਣਾ ਦੇ ਨਿਰਦੇਸ਼ ਦਿੱਤੇ ਗਏ ਹਨ । ਸ. ਮੁੰਡੀਆਂ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਇਹ ਆਮ ਲੋਕਾਂ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਅਣਅਧਿਕਾਰਤ ਕਲੋਨੀਆਂ ਦੇ ਵਿਕਾਸ 'ਤੇ ਰੋਕ ਲਗਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਤਹਿਤ ਅਪਰਾਧੀਆਂ ਲਈ ਜੁਰਮਾਨੇ ਅਤੇ ਸਜ਼ਾ ਦਾ ਉਪਬੰਧ ਵੀ ਕੀਤਾ ਗਿਆ ਹੈ । ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਇਸ ਸੋਧ ਅਨੁਸਾਰ ਕੋਈ ਵੀ ਵਿਅਕਤੀ ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ 'ਤੇ ਵੇਚਣ ਦਾ ਸਮਝੌਤਾ ਜਾਂ ਉਸ ਕੋਲ ਅਜਿਹਾ ਕੋਈ ਹੋਰ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਸੂਬਾ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.