
ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਉਦਯੋਗਿਕ ਅਨੁਭਵ ਪ੍ਰਾਪਤ ਕੀਤਾ
- by Jasbeer Singh
- February 7, 2025

ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਉਦਯੋਗਿਕ ਅਨੁਭਵ ਪ੍ਰਾਪਤ ਕੀਤਾ ਪਟਿਆਲਾ : ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਅੱਜ ਸਰਕਾਰੀ ਆਈ. ਟੀ. ਆਈ.(ਲੜਕੇ), ਨਾਭਾ ਰੋਡ, ਪਟਿਆਲਾ ਵਿਖੇ ਲਗਾਏ ਗਏ ਨੌਕਰੀ ਮੇਲੇ ਵਿੱਚ ਖਾਲਸਾ ਕਾਲਜ ਪਟਿਆਲਾ ਦੇ ਵੱਖ-ਵੱਖ ਸਟਰੀਮਾਂ ਦੇ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ । ਇਸ ਮੌਕੇ ਵਿਦਿਆਰਥੀਆਂ ਨੇ ਕੈਰੀਅਰ ਬਣਾਉਣ ਦੇ ਮੌਕਿਆਂ ਦੀ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਉਦਯੋਗਾਂ ਦੇ ਭਰਤੀ ਕਰਨ ਵਾਲਿਆਂ ਨਾਲ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਨਾਲ ਉਹਨਾਂ ਦੀਆਂ ਰੁਜ਼ਗਾਰ ਸੰਭਾਵਨਾਵਾਂ ਵਿੱਚ ਵੀ ਵਾਧਾ ਹੋਇਆ । ਕਾਲਜ ਪਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਭਾਗੀਦਾਰੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ, ਪਟਿਆਲਾ ਦੇ ਪਲੇਸਮੈਂਟ ਸੈੱਲ ਨੇ ਇਸ ਸਮਾਗਮ ਦੇ ਤਾਲਮੇਲ ਵਿੱਚ ਅਹਿਮ ਭੂਮਿਕਾ ਨਿਭਾਈ ਹੈ । ਡਾ. ਜਸਪ੍ਰੀਤ ਕੌਰ, ਡੀਨ ਪਲੇਸਮੈਂਟ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਕੈਰੀਅਰ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਨੌਕਰੀ ਮੇਲੇ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ । ਡਾ. ਨਵਦੀਪ ਕੌਰ, ਕਨਵੀਨਰ ਅਤੇ ਟਰੇਨਿੰਗ ਅਤੇ ਪਲੇਸਮੈਂਟ ਅਫ਼ਸਰ ਨੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਅਤੇ ਨਿਰਵਿਘਨ ਭਾਗੀਦਾਰੀ ਨੂੰ ਯਕੀਨੀ ਬਣਾਇਆ । ਪ੍ਰੋ. ਰੋਜ਼ੀ ਬਾਂਸਲ ਅਤੇ ਪ੍ਰੋ. ਹਰਲੀਨ ਸਿੱਧੂ ਨੇ ਵਿਦਿਆਰਥੀਆਂ ਦੇ ਨਾਲ ਨੌਕਰੀ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਪੂਰੇ ਸਮਾਗਮ ਦੌਰਾਨ ਮਾਰਗਦਰਸ਼ਨ ਅਤੇ ਸਹਿਯੋਗ ਦਿੱਤਾ। ਵਰਨਨ ਯੋਗ ਹੈ ਕਿ ਇਸ ਮੌਕੇ ਨੌਕਰੀ ਮੇਲੇ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਇੰਜੀਨੀਅਰਿੰਗ ਵਿਭਾਗ ਦੇ 6 ਵਿਦਿਆਰਥੀਆਂ ਦੀ ਚੋਣ ਵੀ ਕੀਤੀ ਗਈ । ਸਮੁੱਚੀ ਪਲੇਸਮੈਂਟ ਸੈੱਲ ਟੀਮ ਨੇ ਇਸ ਪਹਿਲਕਦਮੀ ਦੀ ਸਫ਼ਲਤਾ ਵਿੱਚ ਪੂਰਨ ਯੋਗਦਾਨ ਪਾਇਆ, ਜਿਸਦਾ ਉਦੇਸ਼ ਸਿੱਖਿਆ ਅਤੇ ਰੁਜ਼ਗਾਰ ਵਿਚਲੇ ਪਾੜੇ ਨੂੰ ਪੂਰਾ ਕਰਨਾ ਅਤੇ ਵਿਦਿਆਰਥੀਆਂ ਨੂੰ ਕਰੀਅਰ ਦੇ ਸ਼ਾਨਦਾਰ ਮੌਕਿਆਂ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਨਾ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.