post

Jasbeer Singh

(Chief Editor)

Punjab

ਸੁਖਬੀਰ ਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ

post-img

ਸੁਖਬੀਰ ਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ’ਤੇ ਤਲਬ ਅੰਮ੍ਰਿਤਸਰ : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ਵਿੱਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਹੈ । ਉਨ੍ਹਾਂ ਇਸ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰਾ ਕਰਨ ਵਾਸਤੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ । ਸ੍ਰੀ ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ । ਸਕੱਤਰੇਤ ਵਲੋਂ ਸਬੰਧ ਆਗੂਆਂ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ । ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ ।

Related Post