post

Jasbeer Singh

(Chief Editor)

Latest update

ਸੁਖਦੇਵ ਸਿੰਘ ਢੀਂਡਸਾ ਵੱਲੋਂ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਦੀ ਨਿੰਦਾ

post-img

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵੱਲੋਂ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਨਿੰਦਾ ਕੀਤੀ ਹੈ। ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ ਐੱਸਜੀਪੀਸੀ ਮੈਂਬਰ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ ਮਸ਼ਵਰੇ ਤੋਂ ਪਾਰਟੀ ਤੋਂ ਕੱਢ ਦਿੱਤਾ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਪਾਰਟੀ ਨੂੰ ਅਜਿਹੇ ਫੈਸਲੇ ਲੈਣ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ। ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦਾ ਮਾਮਲਾ ਪਰਿਵਾਰਕ: ਪੱਤਰਕਾਰਾਂ ਨੇ ਜਦੋਂ ਬਿਕਰਮ ਮਜੀਠੀਆ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ ਵਿੱਚੋਂ ਕੱਢਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ,‘ਇਹ ਸਾਡੇ ਪਰਿਵਾਰ ਦਾ ਅੰਦਰੂਨੀ ਮਸਲਾ ਹੈ ਤੁਸੀਂ ਇਸ ਵਿੱਚ ਨਾ ਪਵੋ।’ ਉਨ੍ਹਾਂ ਕਿਹਾ,‘ਕੈਰੋਂ ਮੇਰੇ ਭਾਈਏ ਦਾ ਭਾਈਆ ਹੈ। ਮੈਂ ਤਾਂ ਆਪਣੇ ਭਾਈਏ ਬਾਰੇ ਕੁਝ ਨਹੀਂ ਕਹਿਣਾ, ਉਸ ਦੇ ਭਾਈਏ ਬਾਰੇ ਕਿਵੇਂ ਕੁਝ ਕਹਾਂਗਾ। ਇਹ ਪਰਿਵਾਰਿਕ ਮਾਮਲਾ ਹੈ ਇਸ ਨੂੰ ਪਰਿਵਾਰਿਕ ਹੀ ਰਹਿਣ ਦਿਓ।’

Related Post